ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਸਤੰਬਰ
ਮੁਹਾਲੀ ਵਿੱਚ ਵਾਤਾਵਰਨ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ/ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਸ੍ਰੀ ਦਿਆਲਨ ਨੇ ਦੱਸਿਆ ਕਿ ਖੇਤਾਂ ’ਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਲਈ ਮਨਾਹੀ ਕੀਤੀ ਹੋਈ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ’ਤੇ 2500 ਰੁਪਏ ਤੋਂ 15 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਕੰਬਾਈਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐੱਸਐੱਮਐੱਸ) ਲਗਾਏ ਬਿਨਾਂ ਝੋਨੇ ਦੀ ਕਟਾਈ ਨਹੀਂ ਕਰ ਸਕਦੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਹਵਾ (ਪ੍ਰਦੂਸ਼ਣ ਅਤੇ ਰੋਕਥਾਮ) ਐਕਟ 1981 ਦੀਆਂ ਧਾਰਾਵਾਂ ਅਧੀਨ ਫੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਕਾਰਨ ਵਾਤਾਵਰਨ ਮੁਆਵਜ਼ਾ/ ਜੁਰਮਾਨਾ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਉਲੰਘਣਾ ਕਰਨ ’ਤੇ 50 ਹਜ਼ਾਰ ਰੁਪਏ, ਦੂਜੀ ਵਾਰ ਉਲੰਘਣਾ ਕਰਨ ’ਤੇ 75 ਹਜ਼ਾਰ ਰੁਪਏ ਅਤੇ ਤੀਜੀ ਜਾਂ ਇਸ ਤੋਂ ਬਾਅਦ ਉਲੰਘਣਾ ਕਰਨ ’ਤੇ ਸਬੰਧਤ ਨੂੰ ਇੱਕ ਲੱਖ ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ।