ਨਸ਼ੇੜੀਆਂ ਦੀ ਪਛਾਣ ਲਈ ਸਰਵੇਖਣ ਹੋਵੇਗਾ: Gulab Chand Kataria
ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕਰਦਿਆਂ ਚੰਡੀਗੜ੍ਹ ਯੂ ਟੀ ਪ੍ਰਸ਼ਾਸਨ ਵੱਲੋਂ ਹੁਣ ਨਸ਼ੇ ਦੇ ਆਦੀਆਂ ਦੀ ਪਛਾਣ ਕਰਨ ਲਈ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਵੇਗਾ। ਪ੍ਰਸ਼ਾਸਕ ਅੱਜ ਰਾਮ ਦਰਬਾਰ...
ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕਰਦਿਆਂ ਚੰਡੀਗੜ੍ਹ ਯੂ ਟੀ ਪ੍ਰਸ਼ਾਸਨ ਵੱਲੋਂ ਹੁਣ ਨਸ਼ੇ ਦੇ ਆਦੀਆਂ ਦੀ ਪਛਾਣ ਕਰਨ ਲਈ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਵੇਗਾ। ਪ੍ਰਸ਼ਾਸਕ ਅੱਜ ਰਾਮ ਦਰਬਾਰ ਵਿੱਚ ਲਾਏ ਪੰਜਵੇਂ ‘ਸਮਾਧਾਨ ਕੈਂਪ’ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ’ ਮੁਹਿੰਮ ਤਹਿਤ ਹੁਣ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਵਿਅਕਤੀਆਂ ਜਾਂ ਪਰਿਵਾਰਾਂ ਦੀ ਪਛਾਣ ਕੀਤੀ ਜਾ ਸਕੇ ਜਿਨ੍ਹਾਂ ਨੂੰ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਹਾਇਤਾ, ਕੌਂਸਲਿੰਗ ਅਤੇ ਇਲਾਜ ਦੀ ਲੋੜ ਹੈ। ਉਨ੍ਹਾਂ ਨੇ ਇਸ ਮੁਹਿੰਮ ਨੂੰ ਸਮੂਹਿਕ ਜ਼ਿੰਮੇਵਾਰੀ ਕਰਾਰ ਦਿੰਦਿਆਂ ਲੋਕਾਂ ਨੂੰ ਨਸ਼ਾਖ਼ੋਰੀ ਅਤੇ ਨਸ਼ਾ ਤਸਕਰੀ ਵਿਰੁੱਧ ਰਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਕ ਰੁਜ਼ਗਾਰ ਦਿਵਾਉਣ ਲਈ ਉਦਯੋਗਿਕ ਇਕਾਈਆਂ ਨਾਲ ਸਿੱਧਾ ਤਾਲਮੇਲ ਕੀਤਾ ਜਾਵੇਗਾ।
ਸ੍ਰੀ ਕਟਾਰੀਆ ਨੇ ਕਿਹਾ ਕਿ ਖੇਡ ਵਿਭਾਗ ਨੂੰ ਹਦਾਇਤ ਕੀਤੀ ਕਿ ਜਦੋਂ ਤੱਕ ਇਲਾਕੇ ਵਿੱਚ ਪੱਕੇ ਤੌਰ ’ਤੇ ਖੇਡ ਸਹੂਲਤਾਂ ਤਿਆਰ ਨਹੀਂ ਹੁੰਦੀਆਂ, ਉਦੋਂ ਤੱਕ ਨੌਜਵਾਨਾਂ ਲਈ ਆਰਜ਼ੀ ਖੇਡ ਪ੍ਰਬੰਧ ਕੀਤੇ ਜਾਣ। ਸ੍ਰੀ ਕਟਾਰੀਆ ਨੇ ਕਿਹਾ ਕਿ ਪ੍ਰਸ਼ਾਸਨ ਸਿੱਖਿਆ, ਖੇਡਾਂ ਦੇ ਬੁਨਿਆਦੀ ਢਾਂਚੇ, ਮਨੀਮਾਜਰਾ ਵਿੱਚ ਤਜਵੀਜ਼ਸ਼ੁਦਾ ਕਾਲਜ ਅਤੇ ਹੋਰ ਲੋਕ ਸੇਵਾਵਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਯਤਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਹਾਊਸਿੰਗ ਬੋਰਡ ਨਾਲ ਸਬੰਧਤ ਮਾਮਲੇ ਕੇਂਦਰ ਸਰਕਾਰ ਕੋਲ ਉਠਾਏ ਜਾ ਰਹੇ ਹਨ। ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਰਾਮਦਰਬਾਰ ਵਿੱਚ ਪੁਲੀਸ ਬੀਟ ਬਾਕਸ ਸਥਾਪਤ ਕਰਨ ਦੇ ਯਤਨ ਕੀਤੇ ਜਾਣਗੇ।
ਇਸ ਦੌਰਾਨ ਪੁੱਜੇ 66 ਵਸਨੀਕਾਂ ਨੇ ਪ੍ਰਸ਼ਾਸਕ ਅੱਗੇ ਆਪਣੀਆਂ ਸ਼ਿਕਾਇਤਾਂ ਰੱਖੀਆਂ। ਇਨ੍ਹਾਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਸੜਕਾਂ, ਸਟਰੀਟ ਲਾਈਟਾਂ, ਰਿਹਾਇਸ਼, ਸਿਹਤ ਸੇਵਾਵਾਂ, ਸਿੱਖਿਆ, ਪਾਰਕਿੰਗ ਅਤੇ ਸੰਪਰਕ ਸੈਂਟਰ ਵਰਗੇ ਮੁੱਦੇ ਸ਼ਾਮਲ ਸਨ। ਪ੍ਰਸ਼ਾਸਕ ਨੇ ਦੱਸਿਆ ਕਿ ਪਹਿਲੇ ਤਿੰਨ ਕੈਂਪਾਂ ਦੌਰਾਨ ਮਿਲੀਆਂ ਸਾਰੀਆਂ ਸ਼ਿਕਾਇਤਾਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਮੇਅਰ ਸੌਰਭ ਜੋਸ਼ੀ, ਮੁੱਖ ਸਕੱਤਰ ਐੱਚ ਰਾਜੇਸ਼ ਪ੍ਰਸਾਦ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

