ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੁਲਾਈ
ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 30 ਜੁਲਾਈ ਦੀ ਚੰਡੀਗੜ੍ਹ ਫੇਰੀ ਸਮੇਂ ਸੁਰੱਖਿਆ ਪ੍ਰਬੰਧ ਚੌਕਸ ਰੱਖਣ ਸਬੰਧੀ ਰਣਨੀਤੀ ਤਿਆਰ ਕਰਨ ਲਈ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅੱਜ ਪੁਲੀਸ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸੇੇ ਦੌਰਾਨ ਚੰਡੀਗੜ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸ਼ਹਿਰ ਦੇ ਸਾਰੇ ਐੱਸਪੀਜ਼, ਡੀਐੱਸਪੀਜ਼ ਅਤੇ ਥਾਣਾ ਮੁਖੀਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਨੇ ਸ਼ਹਿਰ ਦੇ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ।
ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਐੱਸਐੱਸਪੀ ਚਾਹਲ ਨੇ ਸਾਰਿਆਂ ਨੂੰ ਹਦਾਇਤ ਦਿੱਤੀ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਾਰੇ ਹੋਟਲਾਂ, ਗੈਸਟ ਹਾਊਸਾਂ, ਪੀਜੀਜ਼ ਅਤੇ ਕਿਰਾਏਦਾਰਾਂ ਦੀ ਸ਼ਨਾਖਤ ਕੀਤੀ ਜਾਵੇ। ਜੇਕਰ ਸ਼ਹਿਰ ਵਿੱਚ ਕੋਈ ਵੀ ਸ਼ੱਕੀ ਵਿਅਕਤੀ ਦਿਖਦਾ ਹੈ ਤਾਂ ਆਪਸ ਵਿੱਚ ਜਾਣਕਾਰੀ ਸਾਂਝੀ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਜਾਂ ਸ਼ਹਿਰ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਚਾਹਲ ਨੇ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ।