ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਨਵੰਬਰ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਨਿੱਤ ਚੋਰੀ ਅਤੇ ਝਪਟਮਾਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਜਿਸ ਸਬੰਧੀ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲੀਸ ਨੇ ਚੋਰੀ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲੀਸ ਨੇ ਮੁਲਜ਼ਮਾਂ ਤੋਂ ਚੋਰੀ ਅਤੇ ਦੋ ਜੋੜੇ ਕੰਨਾਂ ਦੀਆਂ ਵਾਲੀਆਂ ਦੇ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਨਿਰਮਲ ਸਿੰਘ ਵਾਸੀ ਫਰੀਦਕੋਟ ਅਤੇ ਦਲੀਪ ਕੁਮਾਰ ਵਾਸੀ ਧਨਾਸ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ 17 ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਨਿਰਮਲ ਸਿੰਘ ਨਸ਼ੇ ਕਰਨ ਦਾ ਆਦੀ ਸੀ ਜੋ ਪਹਿਲਾਂ ਕੈਨੇਡਾ ਗਿਆ ਹੋਇਆ ਸੀ ਪਰ ਨਸ਼ਿਆਂ ਦੀ ਲਤ ਕਰਕੇ ਹੀ ਵਾਪਸ ਆ ਗਿਆ ਤੇ ਚੋਰੀਆਂ ਸ਼ੁਰੂ ਕਰ ਦਿੱਤੀਆਂ।