‘ਵੋਟ ਚੋਰੀ’ ਦਾ ਇਲਜ਼ਾਮ ਲਗਾਉਣ ਵਾਲੇ ਇਲੈਕਸ਼ਨ ਚੋਰੀ ਕਰਨ ਲੱਗੇ: ਸੁਨੀਲ ਜਾਖੜ
ਪੰਜਾਬ ਭਾਜਪਾ ਪ੍ਰਧਾਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਿਆ
ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖੁਦ ਇਲੈਕਸ਼ਨ-ਚੋਰੀ ਕਰਨ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿਚ ਧੱਕੇਸ਼ਾਹੀ ਕਰਨ ਸਬੰਧੀ ਪੁਲੀਸ ਦੇ ਸੀਨਿਅਰ ਅਧਿਕਾਰੀਆਂ ਦੀ ਟੈਲੀ ਕਾਨਫਰੰਸ ਦੀ ਇੱਕ ਆਡੀਓ ਸਾਹਮਣੇ ਆਈ ਹੈ, ਜੋ ਲੋਕਤੰਤਰ ਦੇ ਹੋਣ ਵਾਲੇ ਘਾਣ ਦਾ ਸਬੂਤ ਹੈ।
ਸੁਨੀਲ ਜਾਖੜ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਵਿਦੇਸ਼ ਘੁੰਮ ਰਹੇ ਹਨ ਅਤੇ ਸਾਮ, ਦਾਮ, ਦੰਡ, ਭੇਦ ਦੀ ਨੀਤੀ ਦਾ ਸ਼ਰੇਆਮ ਐਲਾਨ ਕਰਨ ਵਾਲੇ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਖਜ਼ਾਨੇ ਦੀ ਲੁੱਟ ਤੋਂ ਬਾਅਦ ਵੋਟਾਂ ਦੀ ਲੁੱਟ ਕਰਨ ਦੀ ਵੀ ਪੱਕੀ ਧਾਰ ਲਈ ਹੈ। ਇਹ ਆਮ ਆਦਮੀ ਪਾਰਟੀ ਕੇਂਦਰੀ ਪੱਧਰ ਤੇ ਕਾਂਗਰਸ ਦੀ ਅਗਵਾਈ ਹੇਠ ਵੋਟ-ਚੋਰੀ ਦਾ ਸ਼ੋਰ ਕਰਦੀ ਹੈ ਅਤੇ ਇੱਥੇ ਖੁਦ ਪੂਰੀ ਚੋਣ ਹੀ ਚੋਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਸੂਬੇ ਵਿੱਚ ਇਸ ਤਰ੍ਹਾਂ ਦੇ ਧੱਕੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

