ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 7 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫਤਹਿ ਕਰਨ ਦੀ ਯਾਦ ਵਿੱਚ 12 ਮਈ ਨੂੰ ਸਾਲਾਨਾ ਜੋੜ ਮੇਲਾ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਗੁਰਦੁਆਰਾ ਤਾਲਮੇਲ ਅਤੇ ਹੋਰ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ ਅਤੇ 12 ਮਈ ਨੂੰ ਭੋਗ ਪਾਏ ਜਾਣਗੇ। ਉਪਰੰਤ ਫਤਹਿਗੜ੍ਹ ਸਾਹਿਬ ਤੱਕ ਅਲੌਕਿਕ ਫਤਹਿ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸੰਸਥਾ ਵੱਲੋਂ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।