ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 3 ਮਾਰਚ
ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਲੁੱਟ-ਖੋਹ ਕਰਨ ਦੇ ਮਾਮਲੇ ਵਿੱਚ ਇੱਕ ਨਾਬਾਲਗ ਸਣੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਆਕਾਸ਼ ਮਹਿਰਾ ਅਤੇ ਵਿਸ਼ਾਲ ਮਹਿਰਾ ਦੋਵੇਂ ਵਾਸੀ ਪਿੰਡ ਗੋਬਿੰਦਗੜ੍ਹ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਐਰੋਸਿਟੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਲਾਏ ਨਾਕੇ ਦੌਰਾਨ ਗੁਪਤ ਸੂਚਨਾ ਦੇ ਅਧਾਰ ’ਤੇ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛ-ਪੜਤਾਲ ਤੋਂ ਬਾਅਦ ਆਕਾਸ਼ ਮਹਿਰਾ ਅਤੇ ਵਿਸ਼ਾਲ ਮਹਿਰਾ ਨੂੰ ਮੁਹਾਲੀ ਸਿਟੀ ਸੈਂਟਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ।
ਡੀਐੱਸਪੀ ਬੱਲ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਬੀਤੀ 23 ਫਰਵਰੀ ਨੂੰ ਸ਼ਾਮ 7 ਵਜੇ ਰਾਮ ਰਤਨ ਵਾਸੀ ਸੈਕਟਰ-66-ਬੀ (ਜੋ ਆਪਣੇ ਘਰ ਜਾ ਰਿਹਾ ਸੀ) ਨੂੰ ਸੈਕਟਰ-82 ਨੇੜੇ ਰਸਤੇ ਵਿੱਚ ਘੇਰ ਕੇ ਉਸ ਦਾ ਮੋਬਾਈਲ ਫੋਨ ਖੋਹ ਲਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਪੀੜਤ ਕੋਲੋਂ ਖੋਹਿਆ ਮੋਬਾਈਲ ਫੋਨ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰ ਸਾਈਕਲ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛ-ਪੜਤਾਲ ਤੋਂ ਬਾਅਦ 10 ਹੋਰ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲੀਸ ਅਨੁਸਾਰ ਮੁਲਜ਼ਮਾਂ ਨੇ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਹ ਰਾਹਗੀਰਾਂ ਨੂੰ ਘੇਰ ਕੇ ਮੋਬਾਈਲ ਫੋਨ, ਸੋਨੇ ਦੀ ਚੇਨ ਅਤੇ ਨਗਦੀ ਖੋਹ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਅਤੇ ਰਾਜਪੁਰਾ ਥਾਣੇ ਵਿੱਚ ਚੋਰੀ ਅਤੇ ਸਨੈਚਿੰਗ ਦੇ ਦੋ ਪਰਚੇ ਦਰਜ ਹਨ।
ਐਰੋਸਿਟੀ ਥਾਣਾ ਦੇ ਐੱਸਐਚਓ ਜਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪੁੱਛ-ਪੜਤਾਲ ਤੋਂ ਬਾਅਦ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।