ਦਰਸ਼ਨ ਸਿੰਘ ਸੋਢੀ
ਮੁਹਾਲੀ, 6 ਜੂਨ
ਮੁਹਾਲੀ ਪੁਲੀਸ ਦੇ ਸਾਈਬਰ ਸੈੱਲ ਨੇ ਕਰੋਨਾ ਮਹਾਮਾਰੀ ਅਤੇ ਬਲੈਕ ਫੰਗਲ ਦੇ ਇਲਾਜ ਲਈ ਇਸਤੇਮਾਲ ਹੋਣ ਵਾਲੀਆਂ ਦਵਾਈਆਂ ਅਤੇ ਟੀਕੇ ਮੁਹੱਈਆ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਜ਼ਿਲ੍ਹਾ ਪੁਲੀਸ ਹੈੱਡਕੁਆਰਟਰ ’ਤੇ ਮੁਹਾਲੀ ਦੇ ਐੱਸਪੀ (ਟਰੈਫ਼ਿਕ) ਗੁਰਜੋਤ ਸਿੰਘ ਕਲੇਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਲਜ਼ਮਾਂ ਕੋਲੋਂ ਠੱਗੀ ਦੇ 14 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਐੱਸਪੀ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਦੇ ਟੈਕਨੀਕਲ ਸਪੋਰਟ ਤੇ ਫੋਰੈਂਸਿਕ ਤੇ ਸਾਈਬਰ ਕਰਾਈਮ ਦੇ ਡੀਐੱਸਪੀ ਅਮਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਸਾਈਬਰ ਕਰਾਈਮ ਅਤੇ ਫੋਰੈਂਸਿਕ ਟੀਮ ਵੱਲੋਂ ਕਰੋਨਾ ਅਤੇ ਬਲੈਕ ਫੰਗਸ ਦੇ ਇਲਾਜ ਲਈ ਇਸਤੇਮਾਲ ਕੀਤੇ ਜਾਂਦੇ ਟੀਕੇ ਦੀ ਕਾਲਾਬਾਜ਼ਾਰੀ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ। ਇਸ ਦੌਰਾਨ ਸਾਈਬਰ ਕਰਾਈਮ ਦੇ ਇੰਚਾਰਜ ਅਮਨਦੀਪ ਸਿੰਘ ਅਤੇ ਸਬ ਇੰਸਪੈਕਟਰ ਮਨਦੀਪ ਸਿੰਘ ਅਤੇ ਥਾਣਾ ਜ਼ੀਰਕਪੁਰ ਦੇ ਐੱਸਐੱਚਓ ਓਂਕਾਰ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਨੇ ਰੇਮਡੇਸਿਵਰ ਅਤੇ ਇਮਫੋਨੈਕਸ ਦੀ ਸਪਲਾਈ ਮੁਹੱਈਆ ਕਰਵਾਉਣ ਦੇ ਨਾਂ ’ਤੇ ਲੋੜਵੰਦ ਮਰੀਜ਼ਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਗਰੋਹ ਮੈਂਬਰ ਅਮਿਤ ਕੁਮਾਰ ਵਾਸੀ ਸ਼ਿਵਾਲਿਕ ਵਿਹਾਰ, ਜ਼ੀਰਕਪੁਰ, ਮਨਦੀਪ ਸਿੰਘ ਵਾਸੀ ਪਿੰਡ ਇਸ਼ਾਕ, ਥਾਣਾ ਪਿਹੋਵਾ ਸਦਰ, ਕੁਰੂਕਸ਼ੇਤਰਾ, ਹਰਿਆਣਾ ਅਤੇ ਕੁਲਵਿੰਦਰ ਕੁਮਾਰ ਵਾਸੀ ਟਿਕਰੀ ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ। ਐੱਸਪੀ ਨੇ ਦੱਸਿਆ ਕਿ ਮੁਲਜ਼ਮ ਲੋੜਵੰਦ ਪੀੜਤ ਲੋਕਾਂ ਨਾਲ ਕਰੋਨਾ ਮਹਾਮਾਰੀ ਅਤੇ ਬਲੈਕ ਫੰਗਸ ਦੇ ਇਲਾਜ ਲਈ ਵਰਤੇ ਜਾਂਦੇ ਟੀਕੇ ਸਪਲਾਈ ਕਰਨ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਮੋਟੀ ਰਾਸ਼ੀ ਆਪਣੇ ਬੈਂਕ ਖਾਤਿਆਂ ਵਿੱਚ ਪੁਆ ਲੈਂਦੇ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਟੀਕੇ ਵੀ ਸਪਲਾਈ ਨਹੀਂ ਸੀ ਕਰਦੇ। ਮੁਲਜ਼ਮ ਸੋਸ਼ਲ ਮੀਡੀਆ ’ਤੇ ਆਪਣਾ ਨੈੱਟਵਰਕ ਚਲਾਉਂਦੇ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।