ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 12 ਜੁਲਾਈ
ਮੁਹਾਲੀ ਪੁਲੀਸ ਨੇ ਇੱਥੋਂ ਦੇ ਫੇਜ਼-3ਏ ਵਿੱਚ ਕਾਮਾ ਹੋਟਲ ਨੇੜੇ ਕਰੀਬ ਮਹੀਨਾ ਪਹਿਲਾਂ ਪੰਜਾਬ ਨੈਸ਼ਨਲ ਬੈਂਕ ਵਿੱਚ ਵਾਪਰੀ ਲੱਖਾਂ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਸੁਲਝਾਉਂਦਿਆਂ ਤਿੰਨ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਹੈੱਡ ਕੁਆਰਟਰ ’ਤੇ ਮੁਹਾਲੀ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਬੈਂਕ ਲੁੱਟ ਮਾਮਲੇ ਵਿੱਚ ਸੰਦੀਪ ਖੁਰਮੀ ਉਰਫ਼ ਸੰਨ੍ਹੀ ਵਾਸੀ ਪਿੰਡ ਮਹਿਤਪੁਰ (ਜਲੰਧਰ), ਸੋਨੂੰ ਵਾਸੀ ਸੈਕਟਰ-45 ਅਤੇ ਰਵੀ ਕੁਠਾਰੀ ਵਾਸੀ ਪਿੰਡ ਚੰਦਾਵਾਸ (ਹਰਿਆਣਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 27 ਅਪਰਾਧਿਕ ਮਾਮਲੇ ਦਰਜ ਹਨ।
ਐਸਐਸਪੀ ਨੇ ਦੱਸਿਆ ਕਿ ਬੀਤੀ 17 ਜੂਨ ਨੂੰ ਦਿਨ ਦਿਹਾੜੇ ਮੁਲਜ਼ਮਾਂ ਨੇ ਪੀਐਨਬੀ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੰਦਿਆਂ 4,79,680 ਰੁਪਏ ਲੁੱਟ ਲਏ ਸੀ। ਇਸ ਸਬੰਧੀ ਅਣਪਛਾਤੇ ਲੁਟੇਰਿਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਸਿਟੀ-1) ਗੁਰੇਸ਼ਰ ਸਿੰਘ ਸੰਧੂ ਅਤੇ ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਅਰੋੜਾ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਦੀ ਪੈੜ ਨੱਪਦਿਆਂ ਉਕਤ ਤਿੰਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਨੇ ਬੈਂਕ ਲੁੱਟਣ ਤੋਂ ਬਾਅਦ ਆਪੋ ਆਪਣੇ ਕੱਪੜਿਆਂ ਨੂੰ ਅੱਗ ਲਗਾ ਕੇ ਸਾੜ ਦਿੱਤਾ ਸੀ।
ਮੁਲਜ਼ਮ ਸੰਦੀਪ ਇਸ ਸਮੇਂ ਵਿੱਚ ਸੈਕਟਰ-52 (ਚੰਡੀਗੜ੍ਹ), ਸੋਨੂੰ ਸੈਕਟਰ-45 (ਚੰਡੀਗੜ੍ਹ) ਅਤੇ ਰਵੀ ਕੁਠਾਰੀ ਸ਼ਾਂਤੀ ਨਗਰ, ਮਨੀਮਾਜਰਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਲੁੱਟੀ ਦੀ ਰਾਸ਼ੀ ’ਚੋਂ 3,01,500 ਰੁਪਏ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਨਕਲੀ ਏਅਰ ਪਿਸਤੌਲ ਅਤੇ ਚਾਕੂ ਸਮੇਤ ਚੰਡੀਗੜ੍ਹ ਨੰਬਰ ਦੀ ਸਕੌਡਾ ਕਾਰ ਵੀ ਜ਼ਬਤ ਕੀਤੀ ਗਈ ਹੈ।
ਥਾਣਾ ਮਟੌਰ ਦੇ ਐਸਅੇਚਓ ਰਾਜੀਵ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈਸਟ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸੰਦੀਪ ਦੇ ਖ਼ਿਲਾਫ਼ 20, ਸੋਨੂੰ ਖ਼ਿਲਾਫ਼ 4 ਅਤੇ ਰਵੀ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਤਲ, ਲੁੱਟਾਂ-ਖੋਹਾਂ, ਚੋਰੀਆਂ, ਸਨੈਚਿੰਗ ਦੇ ਮਾਮਲੇ ਦਰਜ ਹਨ।
ਨਸ਼ਿਆਂ ਦੀ ਪੂਰਤੀ ਲਈ ਬਣਾਈ ਸੀ ਬੈਂਕ ਲੁੱਟਣ ਦੀ ਯੋਜਨਾ: ਐੱਸਐੱਸਪੀ
ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਲੌਕਡਾਊਨ ਤੋਂ ਪਹਿਲਾਂ ਮੁਲਜ਼ਮ ਸੰਦੀਪ ਖੁਰਮੀ ਅਤੇ ਸੋਨੂੰ ਅੰਬਾਲਾ ਜੇਲ੍ਹ ਵਿੱਚ ਵੱਖ-ਵੱਖ ਕੇਸਾਂ ਵਿੱਚ ਬੰਦ ਸਨ। ਮਾਰਚ ਵਿੱਚ ਦੋਵੇਂ ਜ਼ਮਾਨਤ ’ਤੇ ਰਿਹਾਅ ਹੋ ਗਏ ਸੀ। ਦੋਵੇਂ ਜਣੇ ਨਸ਼ਾ ਕਰਨ ਦੇ ਆਦੀ ਹਨ ਅਤੇ ਜੇਲ੍ਹ ’ਚੋਂ ਬਾਹਰ ਆ ਕੇ ਨਸ਼ਿਆਂ ਦੀ ਪੂਰਤੀ ਲਈ ਆਰਥਿਕ ਮੰਦੀ ਹੋਣ ਕਾਰਨ ਉਨ੍ਹਾਂ ਨੇ ਬੈਂਕ ਨੂੰ ਲੁੱਟਣ ਦੀ ਯੋਜਨਾ ਬਣਾਈ ਸੀ। ਬਾਅਦ ਵਿੱਚ ਰਵੀ ਨੂੰ ਵੀ ਆਪਣੇ ਨਾਲ ਮਿਲਾ ਲਿਆ। ਤਿੰਨਾਂ ਨੇ ਮਿਲ ਕੇ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਵੱਖ-ਵੱਖ ਬੈਂਕਾਂ ਦੀ ਰੇਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੁਲਜ਼ਮਾਂ ਨੇ ਦੇਖਿਆ ਕਿ ਫੇਜ਼-3ਏ ਸਥਿਤ ਪੀਐਨਬੀ ਬੈਂਕ ਵਿੱਚ ਕੋਈ ਸੁਰੱਖਿਆ ਗਾਰਡ ਨਹੀਂ ਹੈ। ਇੱਧਰ ਆਵਾਜਾਈ ਵੀ ਬਹੁਤੀ ਨਹੀਂ ਹੁੰਦੀ ਹੈ ਅਤੇ ਬੈਂਕ ਵਿੱਚ ਔਰਤਾਂ ਦਾ ਸਟਾਫ਼ ਸੀ। ਇਸ ਤਰ੍ਹਾਂ ਉਨ੍ਹਾਂ ਨੇ ਇਸ ਬੈਂਕ ਨੂੰ ਨਿਸ਼ਾਨਾ ਬਣਾਇਆ।