ਪੱਤਰ ਪ੍ਰੇਰਕ
ਚੰਡੀਗੜ੍ਹ, 10 ਅਪਰੈਲ
ਚੰਡੀਗੜ੍ਹ ਵਿੱਚ ਅੱਜ ਕਰੋਨਾ ਪੀੜਤ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਸ਼ਹਿਰ ਵਿੱਚ 342 ਹੋਰ ਵਿਅਕਤੀਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇਸ ਨਾਲ ਕੁੱਲ ਅੰਕੜਾ 3265 ਹੋ ਗਿਆ ਹੈ। ਇਸ ਤੋਂ ਇਲਾਵਾ 343 ਨੂੰ ਘਰੇਲੂ ਆਈਸੋੋਲੇਸ਼ਨ ਦੇ 10 ਦਿਨ ਪੂਰੇ ਕਰਨ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ ਹੈ।
ਸਿਹਤ ਵਿਭਾਗ ਦੀ ਜਾਣਕਾਰੀ ਮੁਤਾਬਕ ਅੱਜ ਸੈਕਟਰ 48 ਨਿਵਾਸੀ 79 ਸਾਲਾ ਵਿਅਕਤੀ ਅਤੇ ਸੈਕਟਰ 49 ਨਿਵਾਸੀ 73 ਸਾਲਾ ਔਰਤ ਦੀ ਮੁਹਾਲੀ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਵਿੱਚ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਸੈਕਟਰ 23 ਨਿਵਾਸੀ 50 ਸਾਲਾ ਵਿਅਕਤੀ ਦੀ ਜੀ.ਐਮ.ਐਸ.ਐਚ.-16 ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਇਹ ਤਿੰਨੋਂ ਮਰੀਜ਼ ਹੋਰ ਵੀ ਬਿਮਾਰੀਆਂ ਤੋਂ ਪੀੜਤ ਹੋਣ ਕਾਰਨ ਹਸਪਤਾਲਾਂ ਵਿੱਚ ਦਾਖਿਲ ਸਨ ਅਤੇ ਕਰੋਨਾ ਪੀੜਤ ਵੀ ਸਨ।
ਰੂਪਨਗਰ (ਪੱਤਰ ਪ੍ਰੇਰਕ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 95 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਜਦੋਂ ਕਿ 2 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਅੱਜ ਕਰੋਨਾ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 55 ਨਵੇਂ ਮਾਮਲੇ ਸਾਹਮਣੇ ਆਏ ਹਨ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਜ਼ਿਲ੍ਹੇ ਅੱਜ ਚਾਰ ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਨਿੱਚਰਵਾਰ ਨੂੰ ਕਰੋਨਾ ਮਹਾਮਾਰੀ ਦੇ 563 ਨਵੇਂ ਮਾਮਲੇ ਸਾਹਮਣੇ ਆਏ ਹਨ।