ਕਰਮਜੀਤ ਸਿੰਘ ਚਿੱਲਾ
ਬਨੂੜ, 29 ਜਨਵਰੀ
ਦਿੱਲੀ ਵਿੱਚ 26 ਜਨਵਰੀ ਨੂੰ ਵਾਪਰੀਆਂ ਘਟਨਾਵਾਂ ਮਗਰੋਂ ਮੁੜ ਕਿਸਾਨਾਂ ਨੇ ਨਵੇਂ ਜੋਸ਼ ਨਾਲ ਦਿੱਲੀ ਵੱਲ ਵਹੀਰਾਂ ਘੱਤ ਦਿੱਤੀਆਂ ਹਨ। ਅੱਜ ਦੁਪਹਿਰੇ ਅਜ਼ੀਜ਼ਪੁਰ ਦੇ ਟੌਲ ਪਲਾਜ਼ੇ ਤੋਂ ਦੋ ਟਰਾਲੀਆਂ ਵਿੱਚ ਦਰਜਨਾਂ ਕਿਸਾਨ ਦਿੱਲੀ ਦੇ ਸਿੰਘੂ ਬਾਰਡਰ ਲਈ ਰਵਾਨਾ ਹੋਏ। ਕਿਸਾਨ ਆਗੂਆਂ ਕਿਰਪਾਲ ਸਿੰਘ ਸਿਆਊ, ਜਗਜੀਤ ਸਿੰਘ ਕਰਾਲਾ, ਕਰਤਾਰ ਸਿੰਘ ਨੰਡਿਆਲੀ, ਪ੍ਰੇਮ ਸਿੰਘ ਬਨੂੜ, ਪ੍ਰਿਥੀ ਸਿੰਘ ਨੰਬਰਦਾਰ, ਦਲਵਿੰਦਰ ਸਿੰਘ ਭਵਾਤ, ਦਵਿੰਦਰ ਸਿੰਘ ਬਨੂੜ ਆਦਿ ਨੇ ਇਨਾਂ ਟਰਾਲੀਆਂ ਨੂੰ ਇੱਥੋਂ ਰਵਾਨਾ ਕੀਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਅੱਜ ਕਿੰਗ ਸਪੋਰਟਸ ਕਲੱਬ ਸੈਕਰਾਮੈਂਟ(ਅਮਰੀਕਾ) ਅਤੇ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਵੱਲੋਂ ਸਾਧੂ ਸਿੰਘ ਖਲੌਰ, ਦੇਵਿੰਦਰ ਸਿੰਘ ਕੋਚ ਚਮਕੌਰ ਸਾਹਿਬ, ਗੁਰਤੇਜ ਕੰਧੋਲਾ ਆਦਿ ਦੀ ਅਗਵਾਈ ਹੇਠ ਦੋ ਟਰੱਕ ਰਸਦਾਂ ਦੇ ਲੈਕੇ ਦਿੱਲੀ ਦੇ ਟਿੱਕਰੀ ਬਾਰਡਰ ਲਈ ਰਵਾਨਾ ਹੋਏ।
ਟੌਲ ਪਲਾਜ਼ੇ ਉੱਤੇ ਭੁੱਖ ਹੜਤਾਲ ਅੱਜ
ਕਿਸਾਨ ਸਭਾ ਦੇ ਸੂਬਾਈ ਆਗੂ ਗੁਰਦਰਸ਼ਨ ਸਿੰਘ ਖਾਸਪੁਰ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ ਅਜ਼ੀਜ਼ਪੁਰ ਦੇ ਟੌਲ ਪਲਾਜ਼ੇ ਉੱਤੇ ਅੱਜ ਸਵੇਰੇ ਨੌਂ ਵਜੇ ਤੋਂ ਸ਼ਾਮੀਂ ਪੰਜ ਵਜੇ ਤੱਕ ਭੁੱਖ ਹੜਤਾਲ ਰੱਖੀ ਜਾਵੇਗੀ। ਉਨ੍ਹਾਂ ਇਸ ਮੌਕੇ ਇਲਾਕਾ ਵਾਸੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ।
ਮੋਰਿੰਡਾ (ਸੰਜੀਵ ਤੇਜਪਾਲ): ਸੰਯੁਕਤ ਕਿਸਾਨ ਮੋਰਚੇ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿੱਚ ਕਿਸਾਨ ਆਗੂ ਦਲਜੀਤ ਸਿੰਘ ਚਲਾਕੀ ਅਤੇ ਪਰਮਜੀਤ ਸਿੰਘ ਅਮਰਾਲੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ। ਕਿਸਾਨ ਆਗੂ ਗੁਰਚਰਨ ਸਿੰਘ ਢੋਲਣਮਾਜਰਾ ਨੇ ਦੱਸਿਆ ਕਿ ਇਕੱਤਰਤਾ ਸਰਬਸੰਮਤੀ ਨਾਲ ਦਿੱਲੀ ਸੰਘਰਸ਼ ਨੂੰ ਢਾਹ ਲਾਉਣ ਵਾਲੇ ਦੀਪ ਸਿੱਧੂ, ਲੱਖਾ ਸਿਧਾਣਾ ਅਤੇ ਸਰਵਣ ਸਿੰਘ ਪੰਧੇਰ ਦੀ ਨਿੰਦਾ ਕੀਤੀ ਗਈ ਅਤੇ ਮੁਕੰਮਲ ਬਾਈਕਾਟ ਕਰਕੇ ਅੱਗੇ ਤੋਂ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਮੋਦੀ ਸਰਕਾਰ ਵਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਮੀਟਿੰਗ ਉਪਰੰਤ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਫੈਸਲਾ ਕੀਤਾ ਗਿਆ ਕਿ ਮੋਰਿੰਡਾ ਬਲਾਕ ’ਚੋਂ ਰੋਜ਼ਾਨਾ 10 ਟਰਾਲੀਆਂ ਦਾ ਕਾਫਲਾ ਦਿੱਲੀ ਕਿਸਾਨ ਸੰਘਰਸ਼ ਲਈ ਰਵਾਨਾ ਹੋਵੇਗਾ। ਇਸ ਮੌਕੇ ਨੰਬਰਦਾਰ ਰਣਧੀਰ ਸਿੰਘ ਮਾਜਰੀ,ਜੁਝਾਰ ਸਿੰਘ ਮਾਵੀ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ, ਅੰਮ੍ਰਿਤਪਾਲ ਸਿੰਘ ਖੱਟੜਾ, ਹਰਪਾਲ ਸਿੰਘ ਦਤਾਰਪੁਰ, ਮੇਜਰ ਮਾਂਗਟ, ਸੁਖਵਿੰਦਰ ਸਿੰਘ ਕਜੌਲੀ, ਟਿੰਕੂ ਮਾਨ ਮੜੌਲੀ, ਬਲਦੇਵ ਸਿੰਘ ਚੱਕਲਾਂ, ਸ਼ੇਰ ਸਿੰਘ ਡੂਮਛੇੜੀ, ਕਰਨੈਲ ਸਿੰਘ ਮੌਜੂਦ ਸਨ।
ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ
ਲਾਲੜੂ (ਸਰਬਜੀਤ ਸਿੰਘ ਭੱਟੀ): ਸਰਬੱਤ ਦਾ ਭਲਾ ਦਸਮੇਸ਼ ਗਰੁੱਪ ਤੇ ਲੋਕ ਭਲਾਈ ਸੰਸਥਾ ਲਾਲੜੂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਲਾਲੜੂ ਮੰਡੀ ਦੇ ਮੁੱਖ ਬਾਜ਼ਾਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ। ਸੰਸਥਾ ਦੇ ਪ੍ਰਧਾਨ ਹਰਵਿੰਦਰ ਸਿੰਘ ਝਰਮੜੀ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਤੇ ਕਿਸਾਨਾਂ ਦੇ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ ਹੈ। ਇਸ ਮੌਕੇ ਲਵਲੀ ਕੌਰ, ਰਾਜਵਿੰਦਰ ਕੌਰ, ਚਰਨਜੀਤ ਕੌਰ, ਮੁਕੇਸ਼ ਦੇਵੀ, ਕਰਮਜੀਤ ਕੌਰ, ਪਰਮਜੀਤ ਕੌਰ, ਪ੍ਰੀਤ ਕੌਰ ਅਤੇ ਮੋਹਨ ਸਿੰਘ ਫੌਜੀ ਮੌਜੂਦ ਸਨ।
ਕਿਸਾਨ ਸੰਘਰਸ਼ ਹੁਣ ਜਨ ਅੰਦੋਲਨ ਬਣਿਆ: ਡਾ. ਅਮਰ ਸਿੰਘ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਤੋਂ ਇੰਨੀ ਡਰੀ ਹੋਈ ਹੈ ਕਿ ਇਸ ਨੇ ਸੰਸਦ ਦਾ ਸਰਦ ਰੁੱਤ ਦਾ ਸੈਸ਼ਨ ਹੀ ਨਹੀਂ ਬੁਲਾਇਆ। ਉਨ੍ਹਾਂ ਕਿਹਾ ਕਿ ਬੀਤੀ ਰਾਤ ਗਾਜੀਪੁਰ ਸਰਹੱਦ ਦੀਆਂ ਘਟਨਾਵਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਅੰਦੋਲਨ ਵਿਸ਼ਾਲ ਜਨ ਅੰਦੋਲਨ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ 26 ਜਨਵਰੀ ਦੀਆਂ ਘਟਨਾਵਾਂ ਕੇਂਦਰ ਸਰਕਾਰ ਵੱਲੋਂ ਇੱਕ ਬਹੁਤ ਸ਼ਾਂਤਮਈ ਅੰਦੋਲਨ ਨੂੰ ਬਦਨਾਮ ਕਰਨ ਅਤੇ ਇਸ ਨੂੰ ਗ਼ਲਤ ਢੰਗ ਨਾਲ ਦਰਸਾਉਂਦਿਆਂ ਇਸ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਨ।