ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 22 ਜੁਲਾਈ
ਸ਼ਹਿਰ ਦੀਆਂ ਮਾਰਕੀਟਾਂ ਵਿੱਚ ਟਰੈਫਿਕ ਅਤੇ ਪਾਰਕਿੰਗ ਦੀ ਸਮੱਸਿਆ ਨੂੰ ਲੈ ਕੇ ਚੰਡੀਗੜ੍ਹ ਦੀ ਐੱਸਐੱਸਪੀ (ਟਰੈਫਿਕ) ਮਨੀਸ਼ਾ ਚੌਧਰੀ ਅਤੇ ਚੰਡੀਗੜ੍ਹ ਟਰਾਂਸਪੋਰਟ ਦੇ ਡਾਇਰੈਕਟਰ ਪ੍ਰਦੁੱਮਣ ਸਿੰਘ ਨਾਲ ਅੱਜ ਇਥੋਂ ਦੇ ਸੈਕਟਰ-15 ਮਾਰਕੀਟ ਦਾ ਦੌਰਾ ਕੀਤਾ। ਇਸ ਮੌਕੇ ਇਲਾਕਾ ਕੌਂਸਲਰ ਸੌਰਭ ਜੋਸ਼ੀ ਵੱਲੋਂ ਆਪਣੇ ਵਾਰਡ ਵਿਚ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਨੂੰ ਪੇਸ਼ ਆਉਂਦੀ ਟਰੈਫਿਕ ਅਤੇ ਪਾਰਕਿੰਗ ਦੀ ਸਮਸਿਆ ਦੇ ਸਬੰਧ ਵਿਚ ਅਧਿਕਾਰੀਆਂ ਦੇ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੈਕਟਰ 15, 16 ਅਤੇ 24 ਦੇ ਵਸਨੀਕਾਂ ਅਤੇ ਵੱਖ-ਵੱਖ ਮਾਰਕੀਟ ਐਸੋਸੀਏਸਨਾਂ ਦੇ ਮੈਂਬਰਾਂ ਨੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ ਵਿੱਚ ਟਰੈਫਿਕ, ਸੁਰੱਖਿਆ ਅਤੇ ਪਾਰਕਿੰਗ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ। ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਐੱਸਐੱਸਪੀ ਟਰੈਫਿਕ ਅਤੇ ਸੀਟੀਯੂ ਦੇ ਡਾਇਰੈਕਟਰ ਸਮੇਤ ਹੋਰ ਟੀਮ ਨੇ ਵੀ ਸੈਕਟਰ ਦਾ ਦੌਰਾ ਕਰਕੇ ਸਮੱਸਿਆਵਾਂ ਦਾ ਜਾਇਜ਼ਾ ਲਿਆ। ਡਾਇਰੈਕਟਰ ਪਰਦੁੱਮਣ ਸਿੰਘ ਨੇ ਸੈਕਟਰ 15 ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਮਿਆਂ ਨੂੰ ਕੰਮ ’ਤੇ ਆਉਣ ਲਈ ਜਨਤਕ ਵਾਹਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ।