1600 ਸਿਵਲ ਡਿਫੈਂਸ ਵਾਲੰਟੀਅਰਾਂ ਦੀ ਸਿਖਲਾਈ 21 ਤੋਂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੂਨ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪਰੈਲ ਨੂੰ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਬਣੇ ਜੰਗ ਨੁਮਾ ਹਾਲਾਤ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ 1600 ਸਿਵਲ ਡਿਫੈਂਸ ਵਾਲੰਟੀਅਰ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਸਿਵਲ ਡਿਫੈਂਸ ਵਾਲੰਟੀਅਰਾਂ ਨੂੰ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਸ ਲਈ ਯੂਟੀ ਪ੍ਰਸ਼ਾਸਨ ਵੱਲੋਂ 21 ਜੂਨ ਤੋਂ 1600 ਸਿਵਲ ਡਿਫੈਂਸ ਵਾਲੰਟੀਅਰਾਂ ਨੂੰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਗਸੀਪਾ ਵਿੱਚ ਟਰੇਨਿੰਗ ਦਿੱਤੀ ਜਾਵੇਗੀ। ਇਹ ਟਰੇਨਿੰਗ ਪ੍ਰੋਗਰਾਮ ਛੇ ਦਿਨਾਂ ਦਾ ਹੋਵੇਗਾ, ਜਿਸ ਵਿੱਚ ਚਾਰ ਬੈਚ ਬਣਾ ਕੇ ਨੌਜਵਾਨਾਂ ਨੂੂੰ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਸਿਵਲ ਡਿਫੈਂਸ ਵਾਲੰਟੀਅਰਾਂ ਨੂੰ ਕਿਸੇ ਵੀ ਐਮਰਜੈਂਸੀ ਹਾਲਾਤ ਜਾਂ ਰਾਸ਼ਟਰੀ ਐਮਰਜੈਂਸੀ ਦੌਰਾਨ ਲੋਕਾਂ ਨੂੰ ਮੁੱਢਲੀ ਸਹਾਇਤਾ ਦੇਣ ਜਾਂ ਪ੍ਰਸ਼ਾਸਨਿਕ ਕੰਮਕਾਜ ਵਿੱਚ ਸਹਿਯੋਗ ਕਰਨ ਲਈ ਟ੍ਰੇਨਿੰਗ ਦਿੱਤੀ ਜਾਵੇਗੀ।