ਜਹਾਜ਼ ਹਾਦਸੇ ਵਿੱਚ ਮਾਰੇ 265 ਜਣਿਆਂ ਨੂੰ ਸ਼ਰਧਾਂਜਲੀ
ਰਤਨ ਸਿੰਘ ਢਿੱਲੋਂ
ਅੰਬਾਲਾ, 13 ਜੂਨ
ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰੋਹਿਤ ਜੈਨ ਦੀ ਅਗਵਾਈ ਹੇਠ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਮਾਰੇ ਗਏ 265 ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਜੈਨ ਨੇ ਇਸ ਦੁਖਦਾਈ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਦੀ ਸਭ ਤੋਂ ਦੁਖਦਾਈ ਘਟਨਾ ਹੈ ਜਿਸ ਨੇ ਇੱਕੋ ਸਮੇਂ 265 ਲੋਕਾਂ ਨੂੰ ਨਿਗਲ ਲਿਆ। ਉਨ੍ਹਾਂ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਏ ਏਅਰ ਇੰਡੀਆ ਦੇ ਜਹਾਜ਼ ਵਿੱਚ 241 ਲੋਕ ਸਵਾਰ ਸਨ ਅਤੇ ਇਸ ਤੋਂ ਇਲਾਵਾ ਪੰਜ ਮੈਡੀਕਲ ਵਿਦਿਆਰਥੀਆਂ ਦੇ ਨਾਲ-ਨਾਲ ਪੰਜ ਚਾਲਕ ਦਲ ਦੇ ਮੈਂਬਰ ਵੀ ਸ਼ਾਮਲ ਹਨ। ਰੋਹਿਤ ਜੈਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਹਾਦਸੇ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਇਹ ਸਪਸ਼ਟ ਹੋ ਸਕੇ ਕਿ ਇੰਨੇ ਸਾਰੇ ਲੋਕਾਂ ਨੂੰ ਆਪਣੀਆਂ ਜਾਨਾਂ ਕਿਉਂ ਗੁਆਉਣੀਆਂ ਪਈਆਂ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਹਵਾਬਾਜ਼ੀ ਇਤਿਹਾਸ ਦਾ ਸਭ ਤੋਂ ਭਿਆਨਕ ਦੁਖਾਂਤ ਹੈ। ਹਾਲਾਂਕਿ ਇਹ ਸਮਝਣਾ ਬਹੁਤ ਮੁਸ਼ਕਲ ਹੈ ਕਿ ਇਹ ਹਾਦਸਾ ਕਿਸ ਹਾਲਤ ਵਿੱਚ ਹੋਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਬੇਨਤੀ ਕੀਤੀ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਸ ਹਾਦਸੇ ਦਾ ਕਾਰਨ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਜਹਾਜ਼ ਹਾਦਸੇ ਦੀ ਜ਼ਿੰਮੇਵਾਰੀ ਨਾਲ ਜਾਂਚ ਕਰਨੀ ਚਾਹੀਦੀ ਹੈ। ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰੋਹਿਤ ਜੈਨ ਨੇ ਹਾਦਸੇ ਵਿਚ ਜਾਨ ਗੁਆਉਣ ਵਾਲੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਦੀ ਮੌਤ ’ਤੇ ਵੀ ਦੁੱਖ ਪ੍ਰਗਟ ਕੀਤਾ। ਇਸ ਮੌਕੇ ਐਡਵੋਕੇਟ ਨਰਿੰਦਰ ਸਾਂਗਵਾਨ, ਐਡਵੋਕੇਟ ਖੁਸ਼ੀ ਰਾਮ ਸੈਣੀ, ਐਡਵੋਕੇਟ ਜਤਿਨ ਕੁਮਾਰ, ਐਡਵੋਕੇਟ ਕਰਨ ਰਾਣਾ, ਐਡਵੋਕੇਟ ਸੰਨੀ, ਐਡਵੋਕੇਟ ਕਲਪਨਾ, ਸੁਨੀਲ ਕੁਮਾਰ ਅਤੇ ਹੋਰ ਵਕੀਲ ਸ਼ਾਮਲ ਸਨ।
ਭਾਜਪਾ ਵੱਲੋਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ
ਚੰਡੀਗੜ੍ਹ (ਆਤਿਸ਼ ਗੁਪਤਾ): ਚੰਡੀਗੜ੍ਹ ਭਾਜਪਾ ਨੇ ਲੰਘੇ ਦਿਨ ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਦੌਰਾਨ ਫੌਤ ਹੋਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਵਿਜੈ ਰੂਪਾਨੀ ਨੂੰ ਸੈਕਟਰ-33 ਸਥਿਤ ਸਥਿਤ ਭਾਜਪਾ ਦਫ਼ਤਰ ਵਿੱਚ ਸ਼ਰਧਾਂਜਲੀ ਦਿੱਤੀ। ਇਸ ਮੌਕੇ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਸਤਿਆ ਪਾਲ ਜੈਨ, ਸਾਬਕਾ ਪ੍ਰਧਾਨ ਸੰਜੈ ਟੰਡਨ, ਅਰੁਣ ਸੂਦ, ਮੇਅਰ ਹਰਪ੍ਰੀਤ ਕੌਰ ਬਬਲਾ, ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਹੋਰ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ। ਉਨ੍ਹਾਂ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਰੱਖਿਆ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਸਣੇ ਹੋਰਨਾਂ ਭਾਜਪਾ ਆਗੂਆਂ ਨੇ ਕਿਹਾ ਕਿ ਲੰਘੇ ਦਿਨ ਵਾਪਰੀ ਘਟਨਾ ਵਿੱਚ ਵਿਜੈ ਰੂਪਾਨੀ ਸਣੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋ ਗਈ ਹੈ। ਇਸ ਮੌਕੇ ਭਾਜਪਾਈਆਂ ਨੇ ਲੰਘੇ ਦਿਨ ਵਾਪਸੀ ਘਟਨਾ ਦੌਰਾਨ ਮਾਰੇ ਗਏ ਸਾਰਿਆਂ ਨੂੰ ਹੀ ਸ਼ਰਧਾਂਜਲੀ ਭੇਟ ਕੀਤੀ।
ਚੰਦੂਮਾਜਰਾ ਵੱਲੋਂ ਜਹਾਜ਼ ਹਾਦਸੇ ’ਤੇ ਦੁੱਖ ਪ੍ਰਗਟ
ਐੱਸਏਐੱਸ ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਨਾਲ ਡੂੰਘੇ ਦੁੱਖ ਅਤੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੂਰੇ ਦੇਸ਼ ਦੇ ਲੋਕਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਇਸ ਹਾਦਸੇ ਦੇ ਪੀੜਤਾਂ ਨਾਲ ਪੂਰਾ ਦੇਸ਼ ਇੱਕਜੁੱਟ ਨਾਲ ਖੜ੍ਹਾ ਹੈ। ਸ੍ਰੀ ਚੰਦੂਮਾਜਰਾ ਨੇ ਜਹਾਜ਼ ਹਾਦਸੇ ਵਿੱਚ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਅਕਾਲੀ ਆਗੂ ਨੇ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮੁੱਚੇ ਘਟਨਾਕ੍ਰਮ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।