ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 15 ਜੂਨ
ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਸਾਥੀ ਸੱਜਣ ਸਿੰਘ ਨੂੰ ਅੱਜ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾ ਦੇ ਫੁਲ ਭੇਟ ਕੀਤੇ ਗਏ। ਇਸ ਸਬੰਧੀ ਅੱਜ ਇੱਥੋਂ ਦੇ ਫੇਜ਼-2 ਸਥਿਤ ਕਮਿਊਨਿਟੀ ਸੈਂਟਰ ਵਿੱਚ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ਾਂ ਦੀ 60 ਸਾਲ ਤੱਕ ਅਗਵਾਈ ਕਰਦੇ ਰਹੇ ਸਾਥੀ ਸੱਜਣ ਸਿੰਘ ਨੂੰ ਪੰਜਾਬ ਸਮੇਤ ਗੁਆਂਢੀ ਰਾਜਾਂ ਤੋਂ ਸ਼ਰਧਾਂਜਲੀ ਦੇਣ ਪਹੁੰਚੇ ਪ੍ਰਮੁੱਖ ਜਥੇਬੰਦੀਆਂ ਦੇ ਆਗੂਆਂ ਨੇ ਸੱਜਣ ਸਿੰਘ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਦੇ ਰੂਪ ਵਿੱਚ ਲੜੀਆਂ ਲੜਾਈਆਂ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ ਹੈ।
ਸ਼ਰਧਾਂਜਲੀ ਸਮਾਗਮ ਦੀ ਪ੍ਰਧਾਨਗੀ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ’ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਸ਼ਰਧਾ ਦੇ ਫੁਲ ਭੇਟ ਕੀਤੇ।
ਸੀਪੀਆਈ ਦੇ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਟੀਚਰ ਯੂਨੀਅਨ ਦੇ ਆਗੂ ਬਲਕਾਰ ਸਿੰਘ ਵਲਟੋਹਾ, ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਕਨਵੀਨਰ ਵੇਦ ਪ੍ਰਕਾਸ਼, ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਸਕੱਤਰ ਜਨਰਲ ਅਸ਼ੀਸ਼ ਜੁਲਾਹਾ, ਬਿਜਲੀ ਮੁਲਾਜ਼ਮ ਫੈਡਰੇਸ਼ਨ ਆਗੂ ਹਰਭਜਨ ਸਿੰਘ ਪਿਲਖਣੀ ਤੇ ਸੁਖਦੇਵ ਸਿੰਘ ਸੈਣੀ, ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਮੇਲ ਸਿੰਘ ਮੈਲਡੇ, ਸੁਖਦੇਵ ਸੁਰਤਾਪੁਰੀ, ਜਗਮੋਹਨ ਸਿੰਘ, ਬਲਜਿੰਦਰ ਸਿੰਘ, ਕ੍ਰਿਸ਼ਨ ਪ੍ਰਸ਼ਾਦ, ਪਵਨ ਗੋਡਿਆਲ ਨੇ ਸੰਬੋਧਨ ਕੀਤਾ। ਇਸ ਮੌਕੇ ਸਾਥੀ ਰਣਬੀਰ ਢਿੱਲੋਂ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ।