ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 12 ਫਰਵਰੀ
ਡੇਰਾਬੱਸੀ ਹਲਕੇ ਤੋਂ ਭਾਜਪਾ ਉਮੀਦਵਾਰ ਸੰਜੀਵ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਨੂੰ ਮਿਲਾ ਕੇ ਟ੍ਰਾਈਸਿਟੀ ਪਲਾਨਿੰਗ ਬੋਰਡ ਬਣਾਇਆ ਜਾਵੇਗਾ ਜਿਸ ਰਾਹੀਂ ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਲਈ ਵੱਖਰੇ ਤੌਰ ’ਤੇ ਵਿਕਾਸ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਉਹ ਜ਼ੀਰਕਪੁਰ ਦੀ ਸਿਗਮਾ ਸਿਟੀ ਸਮੇਤ ਕਈ ਸੁਸਾਇਟੀਆਂ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਟ੍ਰਾਈਸਿਟੀ ਪਲਾਨਿੰਗ ਬੋਰਡ ਬਣਾਉਣ ਦੀ ਜ਼ਰੂਰਤ ਇਸ ਲਈ ਵੀ ਹੈ ਕਿਉਂਕਿ ਕਈ ਅਜਿਹੇ ਪ੍ਰਾਜੈਕਟ ਹਨ ਜਿਹੜੇ ਲੰਬੇ ਸਮੇਂ ਤੋਂ ਰੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਆਉਂਦਿਆਂ ਹੀ ਇੱਥੇ ਟ੍ਰਾਈਸਿਟੀ ਪਲਾਨਿੰਗ ਬੋਰਡ ਦੇ ਨਾਲ-ਨਾਲ ਕੇਂਦਰ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਦਿੱਤਾ ਜਾਵੇਗਾ।