ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਜੁਲਾਈ
ਮੁਹਾਲੀ ਪੁਲੀਸ ਨੇ ਦੋ ਵਿਅਕਤੀਆਂ ਨੂੰ 54 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਮੋਟਰਸਾਈਕਲ ਅਤੇ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਮੁਲਜ਼ਮ ਲਵਪ੍ਰੀਤ ਸਿੰਘ ਅਤੇ ਕ੍ਰਿਸ਼ਨ ਸਿੰਘ ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਅਰੋੜਾ ਦੀ ਅਗਵਾਈ ਵਾਲੀ ਟੀਮ ਕੁੰਭੜਾ ਚੌਕ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਫੇਜ਼-9 ਤਰਫ਼ੋਂ ਆ ਰਹੇ ਸਨ। ਉਨ੍ਹਾਂ ਨੇ ਪੁਲੀਸ ਨੂੰ ਦੇਖ ਕੇ ਮੋਟਰਸਾਈਕਲ ਰੋਕ ਲਿਆ ਅਤੇ ਮੋਟਰਸਾਈਕਲ ਚਾਲਕ ਨੇ ਜੇਬ ਵਿੱਚੋਂ ਲਿਫ਼ਾਫ਼ਾ ਕੱਢ ਕੇ ਸੜਕ ’ਤੇ ਸੁੱਟ ਦਿੱਤਾ ਅਤੇ ਪਿੱਛੇ ਬੈਠੇ ਨੌਜਵਾਨ ਨੇ ਵੀ ਇਕ ਲਿਫ਼ਾਫ਼ਾ ਝਾੜੀਆਂ ਵਿੱਚ ਸੁੱਟਿਆ। ਇਸ ਮਗਰੋਂ ਦੋਹਾਂ ਨੇ ਫ਼ਰਾਰ ਹੋਣ ਦਾ ਯਤਨ ਕੀਤਾ। ਪੁਲੀਸ ਨੇ ਫੁਰਤੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਲਵਪ੍ਰੀਤ ਸਿੰਘ ਕੋਲੋਂ 32 ਗਰਾਮ ਹੈਰੋਇਨ ਅਤੇ ਕ੍ਰਿਸ਼ਨ ਸਿੰਘ ਕੋਲੋਂ 22 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਨੌਜਵਾਨ ਅੰਬ ਸਾਹਿਬ ਕਲੋਨੀ ਜਗਤਪੁਰਾ ਵਿੱਚ ਰਹਿੰਦੇ ਰੰਗੀਲਾ ਅਤੇ ਕਾਲੀ ਨਾਮ ਦੇ ਵਿਅਕਤੀਆਂ ਤੋਂ ਨਸ਼ੀਲੇ ਪਦਾਰਥ ਖਰੀਦ ਕੇ ਪਿੰਡ ਕੁੰਭੜਾ, ਕੰਬਾਲਾ, ਸੋਹਾਣਾ ਅਤੇ ਖਰੜ ਸਮੇਤ ਆਸਪਾਸ ਕਲੋਨੀਆਂ ਅਤੇ ਵਿਦਿਆਰਥੀਆਂ ਨੂੰ ਸਪਲਾਈ ਕਰਦੇ ਸਨ।