ਚੰਡੀਗੜ੍ਹ: ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ 50 ਟੀਕੇ ਅਤੇ 105 ਗਰਾਮ ਚਰਸ ਬਰਾਮਦ ਕਰਕੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਮੌਲੀ ਜਾਗਰਾਂ ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਨੇ ਭੱਠਾ ਕਲੋਨੀ ਨਜ਼ਦੀਕ ਨਾਕਾਬੰਦੀ ਦੌਰਾਨ ਰਾਜਿੰਦਰ ਵਾਸੀ ਮੌਲੀ ਕੰਪਲੈਕਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਤੋਂ 50 ਨਸ਼ੀਲੇ ਟੀਕੇ ਬਰਾਮਦ ਹੋਏ। ਇਸੇ ਤਰ੍ਹਾਂ ਥਾਣਾ ਸੈਕਟਰ-26 ਦੀ ਪੁਲੀਸ ਨੇ ਟਿੰਬਰ ਮਾਰਕੀਟ ਦੇ ਮੋੜ ਤੋਂ ਵਿਨੈ ਕੁਮਾਰ ਵਾਸੀ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਤੋਂ 105 ਗਰਾਮ ਚਰਸ ਬਰਾਮਦ ਹੋਈ। ਪੁਲੀਸ ਨੇ ਦੋਹਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ