ਆਤਿਸ਼ ਗੁਪਤਾ
ਚੰਡੀਗੜ੍ਹ, 9 ਜਨਵਰੀ
ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੁਰਗਿਆਂ ਦੀ ਮੌਤ ਤੋਂ ਬਾਅਦ ਚੰਡੀਗੜ੍ਹ ਵਿੱਚ ਦੋ ਹੋਰ ਪੰਛੀਆਂ ਦੀ ਮੌਤ ਹੋਈ ਹੈ। ਇਹ ਦੋਵੇਂ ਪੰਛੀ ਸੈਕਟਰ-10 ਦੀ ਲਈਅਰ ਵੈਲੀ ਵਿੱਚੋਂ ਮਿਲੇ ਹਨ। ਪ੍ਰਸ਼ਾਸਨ ਨੇ ਪੰਛੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਸੈਂਪਲ ਜਾਂਚ ਲਈ ਭੇਜੇ ਹਨ। ਹੁਣ ਤੱਕ ਚੰਡੀਗੜ੍ਹ ਵਿੱਚ ਦਰਜਨ ਤੋਂ ਵੱਧ ਪੰਛੀਆਂ ਦੀ ਮੌਤ ਹੋ ਚੁੱਕੀ ਹੈ। ਯੂਟੀ ਪ੍ਰਸ਼ਾਸਨ ਨੇ ਹੁਣ ਤੱਕ 8 ਪੰਛੀਆਂ ਦੇ ਸੈਂਪਲ ਜਲੰਧਰ ਲੈਬਾਰਟਰੀ ਵਿੱਚ ਬਰਡ ਫਲੂ ਦੀ ਜਾਂਚ ਲਈ ਭੇਜੇ ਹਨ। ਇਨ੍ਹਾਂ ਵਿੱਚੋਂ ਲੰਘੇ ਦਿਨ ਦੋ ਰਿਪੋਰਟਾਂ ਨੈਗੇਟਿਵ ਆਈਆਂ ਸਨ ਜਦਕਿ ਛੇ ਰਿਪੋਰਟਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜੰਗਲਾਤ ਵਿਭਾਗ ਦੇ ਅਧਿਕਾਰੀ ਅਬਦੁਲ ਕਿਊਮ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਆਦੇਸ਼ਾਂ ਮੁਤਾਬਕ ਯੂਟੀ ਪ੍ਰਸ਼ਾਸਨ ਸੁਖਨਾ ਝੀਲ ਸਣੇ ਸ਼ਹਿਰ ਵਿੱਚ ਪਾਣੀ ਵਾਲੀਆਂ ਥਾਵਾਂ ਦੀ ਜਾਂਚ ਕਰ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਸ਼ਹਿਰ ਵਿੱਚ ਕਿਸੇ ਵੀ ਥਾਂ ’ਤੇ ਕੋਈ ਪੰਛੀ ਮਰਿਆ ਹੋਇਆ ਦਿਖਾਈ ਦਿੰਦਾ ਹੈ ਤਾਂ ਤੁਰੰਤ ਇਸ ਬਾਰੇ ਸੂਚਿਤ ਕੀਤਾ ਜਾਵੇ।