ਹਰਜੀਤ ਸਿੰਘ
ਡੇਰਾਬੱਸੀ, 10 ਮਈ
ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ’ਤੇ ਰੇਲਵੇ ਓਵਰਬ੍ਰਿਜ ਦੇ ਹੇਠਾਂ ਪਿੰਡ ਭਾਂਖਰਪੁਰ ਵਿੱਚ ਸਥਿਤ ਬੀਅਰ ਫੈਕਟਰੀ ਮੋਲਸਨ ਕੂਰਸ ਵਿੱਚ ਇਕ ਮਸ਼ੀਨ ਵਿੱਚ ਹੋਏ ਧਮਾਕੇ ਨਾਲ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਕੱਤਰ ਜਾਣਕਾਰੀ ਅਨੁਸਾਰ ਕੰਪਨੀ ਵਿੱਚ ਲੰਘੀ ਦੇਰ ਸ਼ਾਮ ਬੀਅਰ ਬਣਾਉਣ ਲਈ ਜੌਂ ਦੀ ਪਿਸਾਈ ਚੱਲ ਰਹੀ ਸੀ। ਇਸ ਦੌਰਾਨ ਮਸ਼ੀਨ ਦੀ ਮੋਟਰ ਓਵਰਹੀਟ ਹੋ ਕੇ ਧਮਾਕੇ ਨਾਲ ਫਟ ਗਈ। ਮੋਟਰ ਫਟਣ ਕਾਰਨ ਉੱਥੇ ਕੰਮ ਕਰ ਰਹੇ ਦੋ ਮੁਲਾਜ਼ਮ ਝੁਲਸ ਗਏ। ਡੇਰਾਬੱਸੀ ਤੋਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਹੇਠ ਲੈ ਲਿਆ। ਫਾਇਰ ਅਫ਼ਸਰ ਜਸਵੰਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਧਮਾਕਾ ਕਿਵੇਂ ਹੋਇਆ ਸੀ। ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਕੰਪਨੀ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਇਹ ਹਾਦਸਾ ਸੀ, ਜਿਸ ਨਾਲ ਮੌਕੇ ’ਤੇ ਕੰਮ ਕਰਦੇ ਦੋਵੇਂ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਕਰਮਚਾਰੀਆਂ ਦੀ ਹਾਲਤ ਬਿਲਕੁਲ ਠੀਕ ਹੈ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਥਾਣਾ ਮੁਖੀ ਅਜੀਤੇਸ਼ ਕੌਸ਼ਲ ਨੇ ਕਿਹਾ ਕਿ ਸੂਚਨਾ ਮਿਲਣ ਮਗਰੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੇ ਬਿਆਨ ਲੈਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਏਗੀ।