ਜ਼ੀਰਕਪੁਰ (ਹਰਜੀਤ ਸਿੰਘ): ਪੁਲੀਸ ਨੇ ਮੰਨਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਨਾਜਾਇਜ਼ ਅਸਲੇ ਅਤੇ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿਘ ਉਰਫ਼ ਨਿੱਕਾ ਅਤੇ ਲਵਪ੍ਰੀਤ ਸਿੰਘ ਉਰਫ਼ ਲਵਲੀ ਵਾਸੀਆਨ ਪਿੰਡ ਸੰਦੌੜ, ਮਾਲੇਰਕੋਟਲਾ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਤੋਂ 7 ਕਾਰਤੂਸ, ਇੱਕ ਵਿਦੇਸ਼ੀ ਪਿਸਤੌਲ ਅਤੇ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਨੇ ਦੱਸਿਆ ਕਿ ਬਲਟਾਣਾ ਚੌਕੀ ਇੰਚਾਰਜ ਸਹਾਇਕ ਇੰਸਪੈਕਟਰ ਬਰਮਾ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ ਛੱਤ ਲਾਈਟ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ ਦਿੱਲੀ ਨੰਬਰ ਵਾਲੀ ਸਿਲਵਰ ਰੰਗ ਦੀ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ ਦੋਵੇਂ ਕਥਿਤ ਦੋਸ਼ੀਆਂ ਨੂੰ ਹਥਿਆਰ ਅਤੇ ਨਸ਼ੀਲੇ ਪਦਾਰਥ ਸਣੇ ਕਾਬੂ ਕੀਤਾ ਗਿਆ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੁੱਛਗਿੱਛ ’ਚ ਦੱਸਿਆ ਕਿ ਉਹ ਗੁਰਦੀਪ ਸਿੰਘ ਉਰਫ਼ ਮੰਨਾ ਵਾਸੀ ਮਹਿਲ ਕਲਾਂ, ਬਰਨਾਲਾ ਦੇ ਗੈਂਗ ਦੇ ਮੈਂਬਰ ਹਨ। ਥਾਣਾ ਮੁਖੀ ਨੇ ਦੱਸਿਆ ਕਿ ਗੁਰਦੀਪ ਸਿੰਘ ਮੰਨਾ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਵੱਖ ਵੱਖ ਘਿਣਾਉਣੇ ਅਪਰਾਧਾਂ ਦੇ 38 ਅਪਰਾਧਿਕ ਮਾਮਲੇ ਦਰਜ ਹਨ ਜੋ ਇਸ ਵੇਲੇ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਹੈ। ਇਹ ਗੈਂਗ ਟਰਾਈਸਿਟੀ ਵਿੱਚ ਨਸ਼ਾ ਸਪਲਾਈ ਕਰਨ ਦਾ ਗੋਰਖਧੰਦਾ ਕਰਦਾ ਹੈ। ਪੁਲੀਸ ਨੇ ਦੱਸਿਆ ਕਿ ਪੁੱਛਗਿੱਛ ਵਿੱਚ ਇਸ ਗੈਂਗ ਦੇ ਹੋਰ ਸਾਥੀਆਂ ਦੇ ਨਾਂ ਵੀ ਸਾਹਮਣੇ ਆਉਣਗੇ।