ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਸਥਾਨਕ ਡੱਡੂਮਾਜਰਾ ਕਲੋਨੀ ਵਿੱਚ ਸਥਿਤ ਇਕ ਘਰ ’ਤੇ ਕੁਝ ਨੌਜਵਾਨਾਂ ਨੇ ਪਥਰਾਅ ਕੀਤਾ, ਜਿਸ ਕਾਰਨ ਇਕ ਔਰਤ ਸਣੇ ਦੋ ਜਣੇ ਜ਼ਖ਼ਮੀ ਹੋ ਗਏ। ਪਥਰਾਅ ਕਾਰਨ ਇਕ ਸਕੂਟਰ ਅਤੇ ਥ੍ਰੀ ਵ੍ਹੀਲਰ ਵੀ ਨੁਕਸਾਨਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮਲੋਆ ਦੀ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਆਰੰਭ ਦਿੱਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਅੱਧਾ ਦਰਜਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਰਾਹੁਲ, ਪਿੰਕਾ, ਰਿੰਕਾ, ਅਰੁਣ ਅਤੇ ਹੋਰਨਾਂ ਦੇ ਨਾਮ ਸ਼ਾਮਲ ਹਨ।
ਇਹ ਕੇਸ ਨਰੇਸ਼ ਵਾਸੀ ਡੱਡੂਮਾਜਰਾ ਕਲੋਨੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਉਸ ਦੇ ਘਰ ’ਤੇ ਪੱਥਰ ਅਤੇ ਡੰਡਿਆਂ ਨਾਲ ਹਮਲਾ ਕੀਤਾ। ਥਾਣਾ ਮੁਖੀ ਦਾ ਕਹਿਣਾ ਹੈ ਕਿ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।