ਤਿਊੜ ਮਸਲਾ: ਕੰਗ ਵੱਲੋਂ ਪਿੰਡ ਵਾਸੀਆਂ ਨਾਲ ਮੀਟਿੰਗ
ਨੇੜਲੇ ਪਿੰਡ ਤਿਊੜ ਦੇ ਕੁਝ ਵਸਨੀਕਾਂ ਵੱਲੋਂ ਹਲਕੇ ਦੀਆਂ ਸੜਕਾਂ ਸਬੰਧੀ ਦਿੱਤੇ ਬਿਆਨ ਨੂੰ ਲੈ ਕੇ ਪੈਦਾ ਹੋਈ ਸਥਿਤੀ ਨੂੰ ਦੇਖਦਿਆਂ ਸਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਪਿੰਡ ਦਾ ਦੌਰਾ ਕੀਤਾ। ਸ੍ਰੀ ਕੰਗ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਘਟਨਾਕ੍ਰਮ ਬਾਰੇ ਜਾਣਕਾਰੀ ਹਾਸਲ ਕਰਨ ਮਗਰੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਸ੍ਰੀ ਕੰਗ ਵਲੋਂ ਕੀਤੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਕੁਝ ਵਸਨੀਕਾਂ ਨੇ ਸੋਸ਼ਲ ਮੀਡੀਆ ’ਤੇ ਹਲਕੇ ਦੀਆਂ ਸੜਕਾਂ ਦੀ ਖਸਤਾ ਹਾਲਤ ਅਤੇ ਕੁਝ ਹੋਰ ਮੁੱਦਿਆਂ ਦਾ ਮਾਮਲਾ ਉਭਾਰਿਆ ਸੀ। ਉਨ੍ਹਾਂ ਕਿਹਾ ਕਿ ਸਾਡਾ ਸਵਿਧਾਨ ਸਭ ਨੂੰ ਬੋਲਣ ਦੀ ਅਜ਼ਾਦੀ ਦਿੰਦਾ ਹੈ ਜਦਕਿ ਇਸ ਤਰ੍ਹਾਂ ਬੋਲਣ ਵਾਲਿਆਂ ਨੂੰ ਨਿਸ਼ਾਨਾ ਬਣਾਉਣਾ ਲੋਕਤੰਤਰ ਦੇ ਖ਼ਿਲਾਫ਼ ਹੈ। ਸ੍ਰੀ ਕੰਗ ਨੇ ਕਿਹਾ ਕਿ ਜੇ ਕਿਸੇ ਪਿੰਡ ਵਾਸੀ ਨੇ ਕੋਈ ਮੁੱਦਾ ਉਭਾਰਿਆ ਹੈ ਤਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਉਸ ਮੁੱਦੇ ’ਤੇ ਕੰਮ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਪਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਨਾਂ ਕਿ ਇਸ ਤਰ੍ਹਾਂ ਪੁਲੀਸ ਰਾਹੀਂ ਦਬਾਅ ਬਣਾਉਣਾ ਚਾਹੀਦਾ ਹੈ। ਸ੍ਰੀ ਕੰਗ ਨੇ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਪਿੰਡ ਵਾਸੀਆਂ ਵੱਲੋਂ ਚੁੱਕੇ ਮੁੱਦਿਆਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।