ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਮਾਰਚ
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਯੂਕਰੇਨ ’ਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਦੇਰ ਸ਼ਾਮ ਡੀਸੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਅੱਜ ਜ਼ਿਲ੍ਹੇ ਦੇ ਕਰੀਬ 19 ਅਜਿਹੇ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਜਿਨ੍ਹਾਂ ਦੇ ਬੱਚੇ ਯੂਕਰੇਨ ਵਿੱਚ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਬੱਚਿਆਂ ਦੇ ਵੇਰਵੇ ਇਕੱਤਰ ਕਰਕੇ ਭਾਰਤ ਸਰਕਾਰ ਰਾਹੀਂ ਪੀੜਤ ਵਿਦਿਆਰਥੀਆਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਕਰੇਨ ’ਚ ਫਸੇ ਵਿਦਿਆਰਥੀਆਂ ਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 0172-2219505 ਤੇ 0172-2219506 ਜਾਰੀ ਕੀਤੇ ਗਏ ਹਨ। ਇਹ ਹੈਲਪਲਾਈਨ ਨੰਬਰ 24 ਘੰਟੇ ਖੁੱਲ੍ਹੀ ਰਹੇਗੀ।
ਨੌਜਵਾਨਾਂ ਨੂੰ ਵਾਪਸ ਲਿਆਉਣ ਦੀ ਮੰਗ
ਮੁਹਾਲੀ: ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਯੂਕਰੇਨ ਵਿੱਚ ਪੜਾਈ ਲਈ ਗਏ ਨੌਜਵਾਨਾਂ ਦੀ ਸਾਰ ਲਈ ਜਾਵੇ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਲੜਕੇ ਲੜਕੀਆਂ ਸੜਕਾਂ ਉੱਤੇ ਰੁਲ ਰਹੇ ਹਨ ਜਾਂ ਬੰਕਰਾਂ ਵਿੱਚ ਰਹਿ ਕੇ ਭਾਰਤ ਸਰਕਾਰ ਵੱਲੋਂ ਮਦਦ ਦੀ ਉਡੀਕ ਕਰ ਰਹੇ ਹਨ।