ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 20 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਲੜੀਵਾਰ ਧਰਨੇ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਘਰਸ਼ਸ਼ੀਲ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੀ ਪਹਿਲੇ ਆਗੂਆਂ ਵਾਂਗ ਮੁਲਾਜ਼ਮ ਮੰਗਾਂ ਸਬੰਧੀ ਗੰਭੀਰ ਨਹੀਂ ਹਨ। ਸ੍ਰੀ ਢੀਂਡਸਾ ਨੇ ਪਿਛਲੇ 35 ਦਿਨਾਂ ਤੋਂ ਟੈਂਕੀ ਉੱਤੇ ਮਰਨ ਵਰਤ ’ਤੇ ਬੈਠੀ ਮਾਨਸਾ ਦੀ ਸਿੱਪੀ ਸ਼ਰਮਾ ਦੀ ਖ਼ਬਰ-ਸਾਰ ਪੁੱਛੀ। ਸ੍ਰੀ ਢੀਂਡਸਾ ਨੇ ਭਰੋਸਾ ਦਿੱਤਾ ਕਿ ਉਹ ਧਰਨਿਆਂ ’ਤੇ ਬੈਠੇ ਨੌਜਵਾਨਾਂ ਦੀ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰਨਗੇ। ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਗੁਰਲਾਭ ਸਿੰਘ ਭੋਲਾ, ਕ੍ਰਿਸ਼ਨ ਸਿੰਘ ਨਾਭਾ, ਮੋਨੂ ਪਟਿਆਲਾ, ਸੰਦੀਪ ਸਿੰਘ ਬੰਗਾ ਅਤੇ ਕਮਲ ਘੁਰਕਣੀ ਨੇ ਸ੍ਰੀ ਢੀਂਡਸਾ ਨੂੰ ਦੱਸਿਆ ਕਿ ਧਰਨੇ ’ਤੇ ਡਟੇ ਰਹੇ ਬੇਰੁਜ਼ਗਾਰ ਅਧਿਆਪਕ ਦਲਜੀਤ ਸਿੰਘ ਉਰਫ਼ ਕਾਕਾ ਭਾਊ ਦੀ ਡੇਂਗੂ ਨਾਲ ਮੌਤ ਵੀ ਹੋ ਚੁੱਕੀ ਹੈ ਜਦੋਂਕਿ ਮਰਨ ਵਰਤ ’ਤੇ ਸਿੱਪੀ ਸ਼ਰਮਾ ਦੀ ਹਾਲਾਤ ਕਾਫ਼ੀ ਗੰਭੀਰ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਾਲ 2011 ਤੋਂ ਲਗਾਤਾਰ ਧਰਨੇ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਹੁਣ ਪਿਛਲੇ 37 ਦਿਨ ਤੋਂ ਪਾਣੀ ਦੀ ਟੈਂਕੀ ਉੱਤੇ ਅਤੇ ਥੱਲੇ ਧਰਨੇ ’ਤੇ ਡਟੇ ਹੋਏ ਹਨ ਪ੍ਰੰਤੂ ਹੁਕਮਰਾਨ ਜਾਂ ਕਿਸੇ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ।