ਅਮਰੀਕੀ ਕਮਿਸ਼ਨ (USCIRF) ਵੱਲੋਂ Jagtar Singh Johal ਦੀ ਜ਼ਮਾਨਤ ਦਾ ਸਵਾਗਤ; ਭਾਰਤ ’ਚ ਹੋਰ ਧਾਰਮਿਕ ਕੈਦੀਆਂ ਦੀ ਰਿਹਾਈ ਦੀ ਕੀਤੀ ਮੰਗ
ਉਮਰ ਖਾਲਿਦ ਤੇ ਸ਼ਰਜੀਲ ਇਮਾਮ ਦੇ ਮਾਮਲਿਆਂ ਦਾ ਵੀ ਕੀਤਾ ਜ਼ਿਕਰ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ (USCIRF) ਨੇ ਬ੍ਰਿਟਿਸ਼ ਨਾਗਰਿਕ ਅਤੇ ਸਿੱਖ ਸਰਗਰਮ ਆਗੂ ਜਗਤਾਰ ਸਿੰਘ ਜੌਹਲ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਅਮਰੀਕੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਧਾਰਮਿਕ ਆਜ਼ਾਦੀ ਅਤੇ ਵਿਸ਼ਵਾਸ (FoRB) ਦੇ ਅਧਿਕਾਰਾਂ ਤਹਿਤ ਹਿਰਾਸਤ ਵਿੱਚ ਲਏ ਗਏ ਹੋਰ ਵਿਅਕਤੀਆਂ ਦੀ ਰਿਹਾਈ ਦਾ ਮੁੱਦਾ ਚੁੱਕੇ। USCIRF ਇੱਕ ਸੁਤੰਤਰ, ਦੋ-ਪੱਖੀ (bipartisan) ਅਮਰੀਕੀ ਸਰਕਾਰੀ ਕਮਿਸ਼ਨ ਹੈ, ਜੋ 1998 ਦੇ ਕੌਮਾਂਤਰੀ ਧਾਰਮਿਕ ਆਜ਼ਾਦੀ ਐਕਟ ਤਹਿਤ ਵਿਦੇਸ਼ਾਂ ਵਿੱਚ ਧਾਰਮਿਕ ਆਜ਼ਾਦੀ ਦੀ ਸਥਿਤੀ ’ਤੇ ਨਜ਼ਰ ਰੱਖਦਾ ਹੈ।
USCIRF ਦੇ ਚੇਅਰਮੈਨ ਆਸਿਫ਼ ਮਹਿਮੂਦ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਸਥਾ ਨਵੀਂ ਦਿੱਲੀ ਹਾਈ ਕੋਰਟ ਵੱਲੋਂ ਲਗਭਗ ਨੌਂ ਸਾਲਾਂ ਦੀ ਹਿਰਾਸਤ ਤੋਂ ਬਾਅਦ ਜੌਹਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ। ਹਾਲਾਂਕਿ, ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਜੌਹਲ ਦੀ ਯੂਨਾਈਟਿਡ ਕਿੰਗਡਮ (UK) ਵਾਪਸੀ ਅਤੇ ਆਪਣੇ ਪਰਿਵਾਰ ਨਾਲ ਮਿਲਣ ਬਾਰੇ ਅਜੇ ਵੀ ਅਨਿਸ਼ਚਿਤਤਾ ਬਣੀ ਹੋਈ ਹੈ। ਕਮਿਸ਼ਨ ਮੁਤਾਬਕ, ਜ਼ਮਾਨਤ ਦੀਆਂ ਸ਼ਰਤਾਂ ਅਧੀਨ ਜੌਹਲ ਨੂੰ ਆਪਣਾ ਪਾਸਪੋਰਟ ਸਰੈਂਡਰ ਕਰਨਾ ਪਵੇਗਾ ਅਤੇ ਮੀਡੀਆ ਨਾਲ ਗੱਲਬਾਤ ਕਰਨ ’ਤੇ ਰੋਕ ਹੋਵੇਗੀ। ਇਸ ਤੋਂ ਇਲਾਵਾ ਉਹ ਕਈ ਅਜਿਹੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਜਿਨ੍ਹਾਂ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ’ਤੇ ਫਾਂਸੀ ਦੀ ਸਜ਼ਾ ਵੀ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਜੌਹਲ ਨੂੰ ਨਵੰਬਰ 2017 ਵਿੱਚ ਪੰਜਾਬ ਤੋਂ ਮਿੱਥ ਕੇ ਕੀਤੀਆਂ ਗਈਆਂ ਹੱਤਿਆਵਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤੀ ਜਾਂਚ ਏਜੰਸੀਆਂ ਨੇ ਉਸ ’ਤੇ ਅਤਿਵਾਦੀ ਗਤੀਵਿਧੀਆਂ ਅਤੇ ਕਤਲ ਦੀਆਂ ਸਾਜ਼ਿਸ਼ਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਾਏ ਸਨ, ਜਦਕਿ ਜੌਹਲ ਅਤੇ ਉਸ ਦੇ ਸਮਰਥਕਾਂ ਨੇ ਇਨ੍ਹਾਂ ਦੋਸ਼ਾਂ ਨੂੰ ਹਮੇਸ਼ਾ ਨਕਾਰਿਆ ਹੈ। USCIRF ਨੇ ਦੋਸ਼ ਲਾਇਆ ਕਿ ਜੌਹਲ ਵਿਰੁੱਧ ਲਗਾਏ ਗਏ ਦੋਸ਼ ਬੇਬੁਨਿਆਦ ਹਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਦੀ ਵਰਤੋਂ ਕੌਮਾਂਤਰੀ ਮਨੁੱਖੀ ਅਧਿਕਾਰ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ। ਕਮਿਸ਼ਨ ਨੇ ਸੰਯੁਕਤ ਰਾਸ਼ਟਰ (UN) ਦੇ ਮਾਹਰਾਂ ਦੇ ਹਵਾਲੇ ਨਾਲ ਉਸ ਦੀ ਹਿਰਾਸਤ ਨੂੰ ਗੈਰ-ਕਾਨੂੰਨੀ ਦੱਸਿਆ ਅਤੇ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ ’ਤੇ ਚਿੰਤਾ ਜਤਾਈ, ਜਿਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਨੇ ਪਹਿਲਾਂ ਵੀ ਖਾਰਜ ਕੀਤਾ ਹੈ।
USCIRF ਦੀ ਵਾਈਸ ਚੇਅਰ ਸੀਸੀ ਹੀਲ ਨੇ ਕਿਹਾ ਕਿ ਜੌਹਲ ਦਾ ਮਾਮਲਾ ਭਾਰਤ ਵਿੱਚ ਧਾਰਮਿਕ ਘੱਟ ਗਿਣਤੀਆਂ ’ਤੇ ਵਧ ਰਹੀਆਂ ਪਾਬੰਦੀਆਂ ਦੀ ਇੱਕ ਉਦਾਹਰਨ ਹੈ। ਉਨ੍ਹਾਂ ਯੂ.ਏ.ਪੀ.ਏ. ਤਹਿਤ ਜੇਲ੍ਹ ਵਿੱਚ ਬੰਦ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ। ਦੂਜੇ ਪਾਸੇ, ਭਾਰਤ ਸਰਕਾਰ ਨੇ ਕੌਮਾਂਤਰੀ ਆਲੋਚਨਾ ਨੂੰ ਹਮੇਸ਼ਾ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਭਾਰਤੀ ਲੋਕਤੰਤਰ, ਨਿਆਂਪਾਲਿਕਾ ਅਤੇ ਸੰਵਿਧਾਨ ਸਾਰੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਕਰਦੇ ਹਨ। ਨਵੀਂ ਦਿੱਲੀ ਨੇ ਕੌਮੀਂ ਸੁਰੱਖਿਆ ਅਤੇ ਅਤਿਵਾਦ ਨਾਲ ਨਜਿੱਠਣ ਲਈ ਯੂ.ਏ.ਪੀ.ਏ. ਨੂੰ ਜ਼ਰੂਰੀ ਕਾਨੂੰਨ ਦੱਸਿਆ ਹੈ। ਆਪਣੀ 2026 ਦੀ ਸਾਲਾਨਾ ਰਿਪੋਰਟ ਵਿੱਚ USCIRF ਨੇ ਅਮਰੀਕੀ ਵਿਦੇਸ਼ ਵਿਭਾਗ ਨੂੰ ਭਾਰਤ ਨੂੰ ‘ਵਿਸ਼ੇਸ਼ ਚਿੰਤਾ ਵਾਲਾ ਦੇਸ਼’ (CPC) ਐਲਾਨ ਕਰਨ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਨੂੰ ਭਾਰਤ ਨੇ ਪੱਖਪਾਤੀ ਅਤੇ ਤੱਥਹੀਣ ਕਰਾਰ ਦਿੱਤਾ ਸੀ।

