LandPoolingPolicy: ਯੂ ਟੀ ਪ੍ਰਸ਼ਾਸਨ ਜਲਦ ਤਿਆਰ ਕਰੇਗਾ ਲੈਂਡ ਪੂਲਿੰਗ ਨੀਤੀ
ਭਾਜਪਾ ਆਗੂਆਂ ਨੇ ਵਫ਼ਦ ਨੂੰ ਪ੍ਰਸ਼ਾਸਕ ਤੋਂ ਭਰੋਸਾ ਮਿਲਣ ਦਾ ਦਾਅਵਾ ਕੀਤਾ
ਚੰਡੀਗੜ੍ਹ ਪ੍ਰਸ਼ਾਸਨ ਵੀ ਪੰਜਾਬ ਅਤੇ ਹਰਿਆਣਾ ਦੀ ਤਰਜ਼ ’ਤੇ ਲੈਂਡ ਪੂਲਿੰਗ ਨੀਤੀ ਬਣਾ ਸਕਦਾ ਹੈ। ਇਸ ਗੱਲ ਦਾ ਪ੍ਰਗਟਾਵਾ ਚੰਡੀਗੜ੍ਹ ਭਾਜਪਾ ਦੇ ਆਗੂਆਂ ਨੇ ਯੂ ਟੀ ਪ੍ਰਸ਼ਾਸਕ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਕੀਤਾ ਹੈ। ਹਾਲਾਂਕਿ ਇਸ ਬਾਰੇ ਪ੍ਰਸ਼ਾਸਨ ਵੱਲੋਂ ਕੁਝ ਨਹੀਂ ਕਿਹਾ ਗਿਆ। ਪਿਛਲੇ ਦਿਨੀਂ ਭਾਜਪਾ ਆਗੂਆਂ ਦੇ ਵਫ਼ਦ ਨੇ ਯੂ ਟੀ ਪ੍ਰਸ਼ਾਸਕ ਨਾਲ ਮੁਲਾਕਾਤ ਕੀਤੀ ਸੀ ਅਤੇ ਸ਼ਹਿਰ ਵਿੱਚ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੀ ਮੰਗ ਕੀਤੀ ਸੀ। ਯੂ ਟੀ ਪ੍ਰਸ਼ਾਸਕ ਨੇ ਭਾਜਪਾ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਲੈਂਡ ਪੂਲਿੰਗ ਨੀਤੀ ਜਲਦ ਤਿਆਰ ਕੀਤੀ ਜਾਵੇਗੀ। ਚੰਡੀਗੜ੍ਹ ਭਾਜਪਾ ਨੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਕਿ ਚੰਡੀਗੜ੍ਹ ਦੇ ਸਾਰੇ 22 ਪਿੰਡਾਂ ਵਿੱਚ ਪਹਿਲਾਂ ਕਮੇਟੀਆਂ ਬਣਾਈਆਂ ਜਾਣਗੀਆਂ। ਇਸ ਤੋਂ ਬਾਅਦ ਕਿਸਾਨਾਂ ਤੋਂ ਸੁਝਾਅ ਲਏ ਜਾਣਗੇ ਤੇ ਕਿਸਾਨਾਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ ’ਤੇ ਲੈਂਡ ਪੂਲਿੰਗ ਨੀਤੀ ਦਾ ਖਰੜਾ ਤਿਆਰ ਕੀਤਾ ਜਾਵੇਗਾ। ਇਸ ਮਗਰੋਂ ਖਰੜਾ ਗ੍ਰਹਿ ਮੰਤਰਾਲੇ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇਗਾ। ਮੰਤਰਾਲੇ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ, ਨੀਤੀ ਨੂੰ ਲਾਗੂ ਕਰਨ ਲਈ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੇਡੂ ਵਿਕਾਸ ਮੰਚ ਦੇ ਪ੍ਰਧਾਨ ਸਤਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਲੈਂਡ ਪੂਲਿੰਗ ਨੀਤੀ ਲਿਆਉਣੀ ਵਧੇਰੇ ਜ਼ਰੂਰੀ ਹੈ, ਜਿਸ ਦੀ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ।

