ਕੁਲਦੀਪ ਸਿੰਘ
ਚੰਡੀਗੜ੍ਹ, 27 ਮਈ
ਯੂਟੀ ਮੁਲਾਜ਼ਮਾਂ ਵੱਲੋਂ ਤਨਖਾਹਾਂ ਦਾ ਡੀਸੀ ਰੇਟ 20 ਫੀਸਦ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਤਨਖਾਹਾਂ ਫਰੀਜ਼ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਅੱਜ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਸੈਕਟਰ-16 ਵਿੱਚ ਚੰਡੀਗੜ੍ਹ ਦੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੁਤਲਾ ਫੂਕਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਸੁਰੇਸ਼ ਕੁਮਾਰ, ਪੈਟਰਨ ਸ਼ਾਮ ਲਾਲ ਘਾਵਰੀ ਸਮੇਤ ਅਨਿਲ ਕੁਮਾਰ, ਸੁਖਵੰਤ ਸਿੰਘ, ਜਸਵਿੰਦਰ ਸਿੰਘ, ਹਰੀਮੋਹਨ ਨੇ ਕਿਹਾ ਕਿ ਪ੍ਰਸ਼ਾਸਨ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਸੰਜੀਦਗੀ ਨਹੀਂ ਦਿਖਾ ਰਿਹਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਯੂਟੀ ਅਧਿਕਾਰੀ ਮੁਲਾਜ਼ਮ ਵਿਰੋਧੀ ਫ਼ੈਸਲੇ ਲੈ ਰਹੇ ਹਨ ਅਤੇ ਮੁਲਾਜ਼ਮਾਂ ਨੂੰ ਕਹਿਰ ਦੀ ਗਰਮੀ ਵਿੱਚ ਵੀ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਕ ਨਾਲ ਮੁਲਾਕਾਤ ਲਈ ਕਈ ਵਾਰ ਸਮਾਂ ਮੰਗਿਆ ਗਿਆ ਹੈ ਪਰ ਸਮਾਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਪੁਤਲਾ ਫੂਕ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ ਅਤੇ 20 ਜੂਨ ਨੂੰ ਗਵਰਨਰ ਹਾਊਸ ਅੱਗੇ ਪੁਤਲਾ ਫੂਕਿਆ ਜਾਵੇਗਾ।
ਡੀਸੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ
ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਕੋਆਰਡੀਨੇਸ਼ਨ ਕਮੇਟੀ ਦੇ ਵਫ਼ਦ ਨਾਲ ਮੀਟਿੰਗ ਕੀਤੀ ਅਤੇ ਦੱਸਿਆ ਕਿ ਡੀਸੀ ਰੇਟ ਵਧਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ 15 ਪ੍ਰਤੀਸ਼ਤ ਤੋਂ ਜ਼ਿਆਦਾ ਵਾਧਾ ਕੀਤਾ ਜਾਵੇਗਾ ਅਤੇ ਸੋਮਵਾਰ ਤੱਕ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। ਤਨਖਾਹਾਂ ਫਰੀਜ਼ ਕਰਨ ਦੇ ਸਬੰਧ ਵਿੱਚ ਉਨ੍ਹਾਂ ਦੱਸਿਆ ਕਿ ਕਿਸੇ ਵੀ ਵਰਕਰ ਦੀ ਤਨਖਾਹ ਘੱਟ ਨਹੀਂ ਹੋਵੇਗੀ ਅਤੇ ਨਾ ਹੀ ਕਿਸੇ ਮੁਲਾਜ਼ਮ ਦੀ ਤਨਖਾਹ ਦੀ ਰਿਕਵਰੀ ਹੋਵੇਗੀ।