ਟੀਕਾਕਰਨ: ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ ਕਰਨ ਦਾ ਵਿਰੋਧ
ਇਨ-ਸਰਵਿਸ ਸੀਨੀਅਰ ਵੈਟਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਕੰਵਰ ਅਨੂਪ ਕਲੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਖੁਰ-ਮੂੰਹ ਰੋਗ ਟੀਕਾਕਰਨ ਮੁਹਿੰਮ ਦੇ 45 ਦਿਨਾਂ ਦੀ ਮਿਆਦ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੈਜੂਅਲ ਲੀਵ ਭਾਵ ਆਮ ਛੁੱਟੀ ਨੂੰ ਪੂਰੀ ਤਰ੍ਹਾਂ ਬੰਦ ਕਰਨ...
ਇਨ-ਸਰਵਿਸ ਸੀਨੀਅਰ ਵੈਟਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਕੰਵਰ ਅਨੂਪ ਕਲੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਖੁਰ-ਮੂੰਹ ਰੋਗ ਟੀਕਾਕਰਨ ਮੁਹਿੰਮ ਦੇ 45 ਦਿਨਾਂ ਦੀ ਮਿਆਦ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੈਜੂਅਲ ਲੀਵ ਭਾਵ ਆਮ ਛੁੱਟੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ। ਉਨ੍ਹਾਂ ਇਸ ਨੂੰ ਕਰਮਚਾਰੀ ਵਿਰੋਧੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਹ ਕਦਮ ਸੰਵਿਧਾਨ ਦੇ ਸਿਧਾਤਾਂ ਦੇ ਵੀ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਮੁਹਿੰਮ ਸਾਲ ਵਿੱਚ ਦੋ ਵਾਰ ਚਲਾਈ ਜਾਂਦੀ ਹੈ, ਜਿਸ ਦਾ ਮਤਲਬ ਹੈ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੁੱਲ 90 ਦਿਨਾਂ ਲਈ ਆਮ ਛੁੱਟੀ ਤੋਂ ਵਾਂਝੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਐਮਰਜੈਂਸੀ ਸਥਿਤੀਆਂ ਵਿੱਚ ਵੀ ਛੁੱਟੀ ਦੇਣ ਲਈ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੇ ਨਾਲ-ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਲਾਈ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਤਾਨਾਸ਼ਾਹੀ ਫੁਰਮਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਨਜ਼ਰਾਂ ਵਿੱਚ ਸਰਕਾਰ ਦਾ ਅਕਸ ਖਰਾਬ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਵਿੱਚ ਅਸੰਤੁਸ਼ਟੀ ਵਧ ਰਹੀ ਹੈ।
ਇਨ-ਸਰਵਿਸ ਸੀਨੀਅਰ ਵੈਟਸ ਐਸੋਸੀਏਸ਼ਨ ਨੇ ਪਸ਼ੂ ਪਾਲਣ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਅਤੇ ਇਸ ਵਿਵਾਦਤ ਪੱਤਰ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਤਾਂ ਜੋ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਐਮਰਜੈਂਸੀ ਸਥਿਤੀਆਂ ਦੌਰਾਨ ਕੈਜ਼ੂਅਲ ਲੀਵ ਦੇਣ ਦੀ ਵਿਵਸਥਾ ਸ਼ਾਮਲ ਕੀਤੀ ਜਾ ਸਕੇ।

