ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 31 ਦਸੰਬਰ
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਸਰਕਾਰੀ ਕਾਲਜ ਨੇੜੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਅਧੀਨ ਬਣਨ ਵਾਲੇ ਸਰਕਾਰੀ ਨਰਸਿੰਗ ਕਾਲਜ ਦਾ ਨੀਂਹ-ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਅਤੇ ਨਰਸਿੰਗ ਕਾਲਜ ਤੋਂ ਇਲਾਵਾ ਇਸ ਇਲਾਕੇ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਕਰੀਬ 600 ਕਰੋੜ ਰੁਪਏ ਖਰਚੇ ਜਾ ਰਹੇ ਹਨ। ਸ੍ਰੀ ਵੇਰਕਾ ਨੇ ਕਿਹਾ ਕਿ ਇਸ ਕਾਲਜ ਸਦਕਾ ਜਿੱਥੇ ਲੋਕਾਂ ਨੂੰ ਸਸਤਾ ਇਲਾਜ ਮਿਲੇਗਾ, ਉੱਥੇ ਸੂਬੇ ਦੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਵੀ ਵੱਡਾ ਲਾਭ ਹੋਵੇਗਾ। ਉਨ੍ਹਾਂ ਨੇ ਇਸ ਪ੍ਰਾਜੈਕਟ ਲਈ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਸ਼ਲਾਘਾ ਵੀ ਕੀਤੀ।
ਬਲਬੀਰ ਸਿੱਧੂ ਨੇ ਇਹ ਪ੍ਰਾਜੈਕਟ ਮੁਹਾਲੀ ਨੂੰ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਲੋਕ ਸ਼ੇਖਰ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਡਾ. ਬੀਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਕੌਰ, ਮੇਅਰ ਅਮਰਜੀਤ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਰਿਸ਼ਵ ਜੈਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।