ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ
ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵੱਲੋਂ 6 ਅਕਤੂਬਰ ਤੋਂ ਪੰਜਾਬ ਸਰਕਾਰ ਵਿਰੁੱਧ ਲਗਾਤਾਰ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਖਿਲਾਫ਼ ਸੰਘਰਸ਼ ਦਾ ਉਕਤ ਐਲਾਨ ਚੰਡੀਗੜ੍ਹ ਸਥਿਤ ਵੇਰਕਾ ਪਲਾਂਟ ਦੇ ਗੇਟ ਅੱਗੇ ਕੀਤੀ ਗਈ ਰੋਸ ਰੈਲੀ ਵਿੱਚ ਕੀਤਾ ਗਿਆ ਜਿਸ ਵਿੱਚ ਸ਼ਾਮਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਮਿਲਕਫੈੱਡ ਮੈਨੇਜਮੈਂਟ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਯੂਨੀਅਨ ਪ੍ਰਧਾਨ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਰੈਲੀਆਂ ਵੇਰਕਾ ਦੇ ਹੋਰ ਪਲਾਂਟਾਂ ’ਚ ਵੀ ਕੀਤੀਆਂ ਗਈਆਂ ਪਰ ਸੂਬਾ ਸਰਕਾਰ ਦੇ ਕੰਨਾਂ ਉਤੇ ਜੂੰ ਨਹੀਂ ਸਰਕ ਰਹੀ।
ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਯੂਨੀਅਨ ਦੀਆਂ ਮੰਗਾਂ ਬਕਾਇਆ ਹਨ ਅਤੇ ਮੈਨੇਜਮੈਂਟ ਪਿਛਲੀਆਂ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕਰ ਰਹੀ। ਜਾਇਜ਼ ਮੰਗਾਂ ਮਨਜ਼ੂਰ ਕਰਨ ਦੀ ਬਜਾਇ ਯੂਨੀਅਨ ਆਗੂਆਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਰੁਪਿੰਦਰ ਸਿੰਘ ਨੇ ਦੱਸਿਆ ਕਿ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਪ੍ਰਬੰਧ ਨਿਰਦੇਸ਼ਕ ਰਾਹੁਲ ਗੁਪਤਾ ਨਾਲ ਹੋਈ ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੂੰ ਪਰਚੇ ਕੱਟਣ ਅਤੇ ਜੇਲ੍ਹਾਂ ਵਿੱਚ ਸੁੱਟਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਦੇ ਰੋਸ ਵਜੋਂ ਸੂਬਾ ਕਮੇਟੀ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ।
ਯੂਨੀਅਨ ਨੇ ਐਲਾਨ ਕੀਤਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ‘ਠੇਕਾ ਸੰਘਰਸ਼ ਮੋਰਚਾ’ ਦੇ ਬੈਨਰ ਹੇਠ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।
ਪ੍ਰਧਾਨ ਰੁਪਿੰਦਰ ਸਿੰਘ ਨੇ ਸਾਫ਼ ਕੀਤਾ ਕਿ ਜਦ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਇਹ ਸ਼ਾਂਤਮਈ ਰੋਸ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਸ ਦੌਰਾਨ ਕਿਸੇ ਵੀ ਪਲਾਂਟ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਦੀ ਹੋਵੇਗੀ।
ਇਸ ਮੌਕੇ ਪਵਿੱਤਰ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।