ਮੁਕੇਸ਼ ਕੁਮਾਰ
ਚੰਡੀਗੜ੍ਹ, 28 ਜੁਲਾਈ
ਚੰਡੀਗੜ੍ਹ ਨਗਰ ਨਿਗਮ ਨੇ ਫਾਇਰ ਸਰੁੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਨਿਗਮ ਵੱਲੋਂ ਸ਼ਹਿਰ ਦੀਆਂ ਪ੍ਰਾਈਵੇਟ ਅਤੇ ਸਰਕਾਰੀ ਇਮਾਰਤਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤੇ ਡਿਫਾਲਟਰਾਂ ਦੀ ਜਾਇਦਾਦ ਸੀਲ ਕਰ ਦਿੱਤੀ ਜਾਵੇਗੀ। ਨਿਗਮ ਦੀ ਫਾਇਰ ਤੇ ਐਮਰਜੈਂਸੀ ਸੇਵਾਵਾਂ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਊਪਰੋਕਤ ਵਿਸ਼ੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਨਗਰ ਨਿਗਮ ਦੇ ਫਾਇਰ ਵਿੰਗ ਦੇ ਕਰਮਚਾਰੀਆਂ ਲਈ ਸਪੈਸ਼ਲ ਬੀਮਾ ਕਵਰ ਦੇਣ ਦੀ ਸਿਫਾਰਿਸ਼ ਕੀਤੀ ਗਈ। ਕਮੇਟੀ ਮੈਂਬਰਾਂ ਨੇ ਇਸ ਬਾਰੇ ਨਿਗਮ ਅਧਿਕਾਰੀਆਂ ਨੂੰ ਏਜੇਂਡਾ ਤਿਆਰ ਕਰਨ ਲਈ ਕਿਹਾ ਤਾਂ ਕਿ ਇਸ ਨੂੰ ਪਾਸ ਕਰਵਾਊਣ ਲਈ ਨਿਗਮ ਹਾਊਸ ਦੀ ਮੀਟਿੰਗ ਵਿੱਚ ਪੇਸ਼ ਕੀਤਾ ਜਾ ਸਕੇ। ਕਮੇਟੀ ਮੈਂਬਰਾਂ ਨੇ ਫੈਸਲਾ ਕੀਤਾ ਕਿ ਫਾਇਰ ਸਰੁੱਖਿਆ ਨਿਯਮਾਂ ਦੀ ਪਾਲਣਾ ਕਰਵਾਊਣ ਲਈ ਪ੍ਰਾਈਵੇਟ ਤੇ ਸਰਕਾਰੀ ਅਦਾਰਿਆਂ ਦਾ ਦੌਰਾ ਕੀਤਾ ਜਾਵੇਗਾ ਅਤੇ ਡਿਫਾਲਟਰਾਂ ਦੇ ਖ਼ਿਲਾਫ਼ ਸੀਲਿੰਗ ਅਭਿਆਨ ਸ਼ੁਰੂ ਕੀਤਾ ਜਾਵੇਗਾ।
ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ-ਕਮ-ਚੀਫ ਫਾਇਰ ਅਫਸਰ ਅਨਿਲ ਕੁਮਾਰ ਗਰਗ ਸਮੇਤ ਕਮੇਟੀ ਮੈਂਬਰ ਤੇ ਕੌਂਸਲਰ ਰਵੀ ਕਾਂਤ ਸ਼ਰਮਾ, ਰਾਜੇਸ਼ ਗੁਪਤਾ, ਦਵਿੰਦਰ ਸਿੰਘ ਬਬਲਾ, ਚਰਨਜੀਵ ਸਿੰਘ ਅਤੇ ਨਿਗਮ ਦੇ ਹੋਰ ਅਧਿਕਾਰੀ ਹਾਜ਼ਰ ਸਨ।