ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ‘ਜਨ ਅਸ਼ੀਰਵਾਦ ਯਾਤਰਾ’ ਦਾ ਵਿਰੋਧ ਕਰ ਰਹੀ ਮਹਿਲਾ ਪ੍ਰਦਰਸ਼ਨਕਾਰੀ ਨਾਲ ਬਦਸਲੂਕੀ ਕੀਤੇ ਜਾਣ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਦੇ ਦਬਾਅ ਹੇਠ ਘਟਨਾ ਤੋਂ ਪੰਜ ਦਿਨਾਂ ਬਾਅਦ ਅੱਜ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਥਾਣਾ ਸੈਕਟਰ-26 ਦੀ ਪੁਲੀਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 341 ਅਤੇ 506 ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਜਾਂਚ ਵਿੱਚ ਕਸੂਰਵਾਰ ਪਾਏ ਜਾਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਅੱਜ ਮਾਮਲੇ ਵਿਚ ਪੁਲੀਸ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਕਿਸਾਨ ਜਥੇਬੰਦੀਆਂ ਦੇ 15 ਮੈਂਬਰੀ ਵਫ਼ਦ ਨੇ ਕ੍ਰਿਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਔਰਤ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਕਿਸਾਨ ਜਥੇਬੰਦੀਆਂ ਨੇ ਦੇਰ ਸ਼ਾਮ ਤੱਕ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਾ ਹੋਣ ’ਤੇ 25 ਅਗਸਤ ਨੂੰ ਮੁੱਲਾਪੁਰ ਤੇ ਜ਼ੀਰਕਪੁਰ ਬੈਰੀਅਰਾਂ ’ਤੇ ਧਰਨੇ ਦੇਣ ਦਾ ਐਲਾਨ ਕਰ ਦਿੱਤਾ। ਇਸ ਚਿਤਾਵਨੀ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਨੇ ਅੱਜ ਸ਼ਾਮ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।
ਕ੍ਰਿਪਾਲ ਸਿੰਘ ਸੈਣੀ ਨੇ ਦੱਸਿਆ ਕਿ ਪੁਲੀਸ ਦਾ ਕਹਿਣਾ ਹੈ ਕਿ ਉਕਤ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਕਸੂਰਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਪੁਲੀਸ ਕਾਰਵਾਈ ’ਤੇ ਸਹਿਮਤੀ ਜਤਾਉਂਦਿਆਂ 25 ਅਗਸਤ ਨੂੰ ਦਿੱਤਾ ਜਾਣ ਵਾਲਾ ਧਰਨਾ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਉਕਤ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਨਹੀਂ ਕਰਦੀ ਤਾਂ ਮੁੜ ਤੋਂ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ 19 ਅਗਸਤ ਨੂੰ ਸੈਕਟਰ-28 ਵਿੱਚ ਸਥਿਤ ਹਿਮਾਚਲ ਭਵਨ ਤੋਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਅਗਵਾਈ ਹੇਠ ‘ਜਨ ਅਸ਼ੀਰਵਾਦ ਯਾਤਰਾ’ ਦੀ ਸ਼ੁਰੂ ਕੀਤੀ ਸੀ। ਇਸ ਬਾਰੇ ਜਾਣਕਾਰੀ ਮਿਲਦੇ ਹੀ ਕਿਸਾਨ ਜਥੇਬੰਦੀਆਂ ਨੇ ਭਾਜਪਾਈਆਂ ਦਾ ਵਿਰੋਧ ਕੀਤਾ। ਇਸ ਦੌਰਾਨ ਭਾਜਪਾ ਆਗੂਆਂ ਵੱਲੋਂ ਕਥਿਤ ਤੌਰ ’ਤੇ ਇਕ ਮਹਿਲਾ ਕਿਸਾਨ ਪ੍ਰਦਰਸ਼ਨਕਾਰੀ ਨਾਲ ਬਦਸਲੂਕੀ ਕੀਤੀ ਗਈ ਸੀ।