ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਅੱਜ ਆਲੋਵਾਲ ’ਚ ਕਾਂਗਰਸ ਦੀ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਪ੍ਰੀਤੀ ਸ਼ਰਮਾ ਤੇ ਸਰਸਾ ਨੰਗਲ ਜ਼ੋਨ ਦੀ ਬਲਾਕ ਸਮਿਤੀ ਉਮੀਦਵਾਰ ਬਲਵਿੰਦਰ ਕੌਰ ਦੇ ਹੱਕ ਵਿੱਚ ਚੋਣ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਲੋਕ ਮਾਨ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਨਹੀਂ ਪੁਗਾਇਆ। ਸੂਬਾ ਸਰਕਾਰ ਨਸ਼ਾ ਖੋਰੀ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਤੇ ਸੂਬੇ ਅੰਦਰ ਕਤਲੋਗਾਰਤ ਦੀਆਂ ਘਟਨਾਵਾਂ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ ਜਿਸ ਕਰਕੇ ਪੰਜਾਬ ਦੀ ਅਮਨ ਸ਼ਾਂਤੀ ਬੁਰੀ ਤਰ੍ਹਾਂ ਭੰਗ ਹੋ ਚੁੱਕੀ ਹੈ ਉਨ੍ਹਾ ਕਿਹਾ ਕਿ ਹੁਣ ਸੂਬੇ ਦੇ ਲੋਕ 14 ਦਸੰਬਰ ਨੂੰ ਕਾਂਗਰਸ ਦੇ ਹੱਥ ਮਜ਼ਬੂਤ ਕਰਕੇ ਭਗਵੰਤ ਮਾਨ ਸਰਕਾਰ ਨੂੰ ਸ਼ੀਸ਼ਾ ਵਿਖਾਉਣ ਲਈ ਉਤਾਵਲੇ ਹਨ।
ਢਿੱਲੋਂ ਨੇ ਕਾਂਗਰਸੀ ਉਮੀਦਵਾਰਾਂ ਦੀ ਮੁਹਿੰਮ ਭਖਾਈ
ਲਾਲੜੂ (ਸਰਬਜੀਤ ਸਿੰਘ ਭੱਟੀ): ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ ਹਲਕੇ ਦੀ ਨਿਰੰਤਰ ਤਰੱਕੀ ਤੇ ਵਿਕਾਸ ਲਈ ਬਲਾਕ ਸਮਿਤੀ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਦੀ ਕਾਮਯਾਬੀ ਜ਼ਰੂਰੀ ਹੈ। ਬਲਾਕ ਸਮਿਤੀ ਚੋਣਾਂ ਦੇ ਪ੍ਰਚਾਰ ਦੌਰਾਨ ਇਲਾਕੇ ਦੇ ਪਿੰਡ ਝਰਮੜੀ, ਸੰਗੋਥਾ, ਜੜੋਤ, ਕੁਰਲੀ, ਸਰਸੀਣੀ, ਟਿਵਾਣਾ, ਖਜੂਰ ਮੰਡੀ, ਸਾਧਾਪੁਰ, ਡੰਗਡੇਹਰਾ ਤੇ ਹੋਰ ਪਿੰਡਾਂ ਮੀਟਿੰਗਾਂ ਦੌਰਾਨ ਉਨ੍ਹਾਂ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਕਾਂਗਰਸੀ ਉਮੀਦਵਾਰਾਂ ਦੀ ਕਾਮਯਾਬੀ ਮਗਰੋਂ ਹਰ ਪਿੰਡ ਨੂੰ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਪਾਰਟੀ ਉਮੀਦਵਾਰ, ਵੱਡੀ ਗਿਣਤੀ ਵਿੱਚ ਵਰਕਰ ਤੇ ਲੋਕ ਮੌਜੂਦ ਸਨ।

