ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਦਸੰਬਰ
ਚੰਡੀਗੜ੍ਹ ਨਗਰ ਨਿਗਮ ਦੀਆਂ 24 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਅਤੇ ਯੂਟੀ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਯੂਟੀ ਦੇ ਗ੍ਰਹਿ ਸਕੱਤਰ ਨਿਤਿਨ ਯਾਦਵ ਨੇ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਚੋਣਾਂ ਵਾਲੇ ਦਿਨ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਨਾਉਣ ਦੇ ਆਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੌਰਾਨ ਕਰੋਨਾ ਪਾਜ਼ੇਟਿਵ ਮਰੀਜ਼ਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਹਰ ਰਿਟਰਨਿੰਗ ਅਫ਼ਸਰ ਦੇ ਨਾਲ ਇਕ ਸਿਹਤ ਟੀਮ ਰਹੇਗੀ ਤਾਂ ਜੋ ਲੋੜ ਪੈਣ ’ਤੇ ਕਿਸੇ ਨੂੰ ਵੀ ਮੁੱਢਲੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਸ੍ਰੀ ਯਾਦਵ ਨੇ ਨਿਗਮ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਨੂੰ ਵਾਧੂ ਸੁਰੱਖਿਆ ਪ੍ਰਬੰਧਾਂ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਅਰਧ ਸੈਨਿਕ ਦਲਾਂ ਨੂੰ ਵੀ ਸੰਵੇਦਨਸ਼ੀਲ ਬੂਥਾਂ ’ਤੇ ਤਾਇਨਾਤ ਕੀਤਾ ਜਾਵੇ ਤਾਂ ਕਿ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਗ੍ਰਹਿ ਸਕੱਤਰ ਨੇ ਕਿਹਾ ਕਿ ਸ਼ਹਿਰ ਵਿਚਲੇ ਸੰਵੇਦਨਸ਼ੀਲ ਬੂਥਾਂ ਦੀ ਚੋਣ ਕੀਤੀ ਜਾਵੇ ਤਾਂ ਜੋ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਣ।
ਇਸ ਮੌਕੇ ਵਿੱਤ ਸਕੱਤਰ ਵਿਜੈ ਨਾਮਦਿਉਰਾਓ, ਸਕੱਤਰ (ਚੋਣ ਕਮਿਸ਼ਨ) ਸੰਦੀਪ ਮਿਸ਼ਰਾ, ਐੱਸਐੱਸਪੀ ਕੁਲਦੀਪ ਸਿੰਘ ਚਾਹਿਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
ਭਾਜਪਾ ਵੱਲੋਂ ਉਮੀਦਵਾਰਾਂ ਨਾਲ ਚੋਣ ਪ੍ਰਬੰਧਾਂ ’ਤੇ ਚਰਚਾ
ਭਾਜਪਾ ਨੇ ਪਾਰਟੀ ਉਮੀਦਵਾਰਾਂ ਨਾਲ ਚੋਣ ਪ੍ਰਬੰਧਾਂ ਸਬੰਧੀ ਚਰਚਾ ਕੀਤੀ। ਮੀਟਿੰਗ ਵਿੱਚ ਕੌਮੀ ਮੀਤ ਪ੍ਰਧਾਨ ਅਤੇ ਚੰਡੀਗੜ੍ਹ, ਪੰਜਾਬ, ਉੱਤਰਾਖੰਡ ਦੇ ਇੰਚਾਰਜ ਸੌਦਾਨ ਸਿੰਘ ਅਤੇ ਮੈਂਬਰ ਰਾਜ ਸਭਾ ਦੁਸ਼ਯੰਤ ਗੌਤਮ, ਸੂਬਾ ਪ੍ਰਧਾਨ ਅਰੁਣ ਸੂਦ, ਸਾਬਕਾ ਸੂਬਾ ਪ੍ਰਧਾਨ ਸੰਜੈ ਟੰਡਨ, ਭਾਜਪਾ ਮਹਾਂਮੰਤਰੀ ਚੰਦਰ ਸ਼ੇਖਰ ਅਤੇ ਰਾਮਬੀਰ ਭੱਟੀ, ਦਿੱਲੀ ਭਾਜਪਾ ਦੇ ਮੀਤ ਪ੍ਰਧਾਨ ਰਾਜੀਵ ਬੱਬਰ ਨੇ ਹਿੱਸਾ ਲਿਆ। ਇਸ ਮੌਕੇ ਉਮੀਦਵਾਰਾਂ ਨੇ ਹੁਣ ਤੱਕ ਪ੍ਰਚਾਰ ਸਬੰਧੀ ਆਪਣਾ ਫੀਡਬੈਕ ਦਿੱਤਾ। ਉਮੀਦਵਾਰਾਂ ਨੇ ਆਪਣੇ ਵਾਰਡਾਂ ਵਿੱਚ ਲੋਕਾਂ ਤੋਂ ਮਿਲੇ ਸਮਰਥਨ ਦੀ ਵੀ ਜਾਣਕਾਰੀ ਦਿੱਤੀ। ਦੁਸ਼ੰਯਤ ਗੌਤਮ ਨੇ ਉਮੀਦਵਾਰਾਂ ਨੂੰ ਪ੍ਰਚਾਰ ਤੇਜ਼ ਕਰਨ ਅਤੇ ਲੋਕਾਂ ਨਾਲ ਸੰਪਰਕ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਚੋਣਾਂ ਭਵਿੱਖ ਦੀ ਰਣਨੀਤੀ ਨੂੰ ਤੈਅ ਕਰਨਗੀਆਂ।