War against drugs : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੀ ਪਿੱਠ ਥਾਪੜੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਫਰਵਰੀ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਖਿਲਾਫ਼ ਛੇੜੀ ਮੁਹਿੰਮ ਲਈ ਅੱਜ ਪੰਜਾਬ ਸਰਕਾਰ ਦੀ ਪਿੱਠ ਥਾਪੜੀ ਹੈ। ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਮਹਾਯੁੱਧ ਛੇੜਿਆ ਹੈ ਅਤੇ ਨਸ਼ਾ ਪੰਜਾਬ ’ਚੋਂ ਹਮੇਸ਼ਾ ਲਈ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਨੌਜਵਾਨਾਂ ਨੂੰ ਤਬਾਹ ਕੀਤਾ ਹੈ।
ਚੇਤੇ ਰਹੇੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨੀਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਖਿਲਾਫ਼ ਨਕੇਲ ਕੱਸਣ ਦੀ ਹਦਾਇਤ ਕੀਤੀ ਸੀ। ਬੈਠਕ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੇ ਨਸ਼ਿਆਂ ਖਿਲਾਫ਼ ਲੜਾਈ ਲਈ ਬਣਾਈ ਪੰਜ ਮੈਂਬਰੀ ਸਬ-ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।
ਇਸ ਕੜੀ ਵਿਚ ਪੰਜਾਬ ਪੁਲੀਸ ਨੇ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਦੀ ਜਾਇਦਾਦਾਂ ਜ਼ਬਤ ਕਰਨ ਤੇ ਇਨ੍ਹਾਂ ਨੂੰ ਢਾਹੁਣ ਲਈ ਬੁਲਡੋਜ਼ਰ ਐਕਸ਼ਨ ਸ਼ੁਰੂ ਕੀਤਾ ਹੈ। ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵੱਡੇ ਪੱਧਰ ’ਤੇ ਛਾਪੇ ਵੀ ਮਾਰੇ ਹਨ।