ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਨਿੱਘਾ ਸਵਾਗਤ
ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋ ਗਿਆ। ਕੱਲ ਦੇਰ ਰਾਤ ਇਸ ਦਾ ਜ਼ਿਲ੍ਹੇ ਦੇ ਪਿੰਡ ਅਜਨਾਲੀ ਨਜ਼ਦੀਕ ਦਾਖਲ ਹੋਣ ’ਤੇ ਸਵਾਗਤ ਕੀਤਾ ਗਿਆ ਸੀ।
ਇਸ ਮੌਕੇ ਸੰਤ ਬਾਬਾ ਲੱਖਾ ਸਿੰਘ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਏ.ਡੀ.ਸੀ ਅਰਵਿੰਦ ਗੁਪਤਾ, ਐਸ.ਡੀ.ਐਮ ਚੇਤਨ ਬੰਗੜ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਡੀਐਸਪੀ ਗੁਰਦੀਪ ਸਿੰਘ, ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਅਤੇ ਤਹਿਸੀਲਦਾਰ ਪਰਮਪ੍ਰੀਤ ਸਿੰਘ ਗੁਰਾਇਆ ਸਮੇਤ ਵੱਡੀ ਗਿਣਤੀ ’ਚ ਅਧਿਕਾਰੀ, ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਸਨ।
ਇੱਥੇ ਹੀ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਸੰਗਤਾਂ ਲਈ ਚਾਹ ਆਦਿ ਦਾ ਲੰਗਰ ਲਗਾਇਆ ਗਿਆ। ਵਰਨਣਯੋਗ ਹੈੈ ਕਿ ਪੰਜਾਬ ਸਰਕਾਰ ਵੱਲੋਂ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਯਾਤਰਾ ਦੇ ਰੂਪ ਵਿੱਚ ਇਹ ਨਗਰ ਕੀਰਤਨ ਫ਼ਰੀਦਕੋਟ ਤੋਂ ਸੁਰੂ ਹੋਇਆ ਸੀ ਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਫਿਰੋਜ਼ਪੁਰ, ਮੋਗਾ ਅਤੇ ਲੁਧਿਆਣਾ ਤੋਂ ਹੁੰਦਾ ਹੋਇਆ ਬੀਤੀ ਰਾਤ ਨੈਸ਼ਨਲ ਹਾਈਵੇਅ ਰਾਹੀਂ ਮੰਡੀ ਗੋਬਿੰਦਗੜ੍ਹ ਵਿੱਚ ਦਾਖ਼ਲ ਹੋਣ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚਿਆ ਸੀ।
ਮੰਡੀ ਗੋਬਿੰਦਗੜ੍ਹ ਪੁੱਜੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲਿਦਾਨ ਦਿੱਤਾ ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਵਿਆਪਕ ਪੱਧਰ ’ਤੇ ਸਮਾਗਮ ਉਲੀਕੇ ਹਨ ਜਿਸ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਭਲੇ ਦੇ ਸਦੀਵੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਹੈ।
