ਕਰਮਜੀਤ ਸਿੰਘ ਚਿੱਲਾ
ਐੱਸ.ਏ.ਐੱਸ.ਨਗਰ(ਮੁਹਾਲੀ), 11 ਅਗਸਤ
ਰਾਸ਼ਟਰਮੰਡਲ ਖੇਡਾਂ ਵਿੱਚ ਲੰਮੇਂ ਸਮੇਂ ਮਗਰੋਂ ਕਾਂਸੀ ਦਾ ਤਗਮਾ ਜਿੱਤ ਕੇ ਵਤਨ ਪਰਤੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਚਾਰ ਖਿਡਾਰਨਾਂ ਦਾ ਬੀਤੀ ਰਾਤ ਮੁਹਾਲੀ ਦੇ ਏਅਰਪੋਰਟ ਉੱਤੇ ਪਹੁੰਚਣ ਉੱਤੇ ਭਰਵਾਂ ਸਵਾਗਤ ਕੀਤਾ ਗਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ, ਤਾਨਿਆ ਭਾਟੀਆ ਅਤੇ ਰੇਨੂਕਾ ਨਾਮੀਂ ਖਿਡਾਰਨਾਂ ਦਾ ਹਾਰ ਪਹਿਨਾ ਕੇ ਅਤੇ ਢੋਲ ਵਜਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਖਿਡਾਰਨਾਂ ਦੇ ਮਾਪਿਆਂ ਤੋਂ ਇਲਾਵਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਸਾਬਕਾ ਵਿਧਾਇਕ ਨਰਿੰਦਰ ਸ਼ਰਮਾ ਅਤੇ ਖੇਡ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਜੇਤੂ ਖਿਡਾਰਨਾਂ ਦਾ ਬਣਦਾ ਮਾਣ-ਸਤਿਕਾਰ ਕਰਨ ਦਾ ਭਰੋਸਾ ਦਿਵਾਇਆ। ਖਿਡਾਰਨਾਂ ਦੇ ਮਾਪਿਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ 13 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੁੱਚੀ ਟੀਮ ਦਾ ਸਵਾਗਤ ਅਤੇ ਸਨਮਾਨ ਕਰਨਗੇ। ਪੰਜਾਬ ਦੀਆਂ ਤਗਮਾ ਜੇਤੂ ਕ੍ਰਿਕਟ ਖਿਡਾਰਨਾਂ ਦੇ ਮਾਪੇ ਪੰਜਾਬ ਸਰਕਾਰ ਤੋਂ ਇਨ੍ਹਾਂ ਖਿਡਾਰਨਾਂ ਦੇ ਉਚਿਤ ਸਨਮਾਨ ਦੀ ਉਡੀਕ ਕਰ ਰਹੇ ਹਨ। ਇੱਕ ਖਿਡਾਰਨ ਦੀ ਮਾਤਾ ਨੇ ਪੱਤਰਕਾਰ ਨੂੰ ਦੱਸਿਆ ਕਿ ਇਨ੍ਹਾਂ ਖਿਡਾਰਨਾਂ ਨੂੰ ਨਵੀਂ ਖੇਡ ਨੀਤੀ ਅਨੁਸਾਰ ਸਨਮਾਨ ਮਿਲਣਾ ਚਾਹੀਦਾ ਹੈ।