ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 21 ਜੁਲਾਈ
ਇਥੋਂ ਦੇ ਵਾਰਡ ਨੰਬਰ ਨੌਂ ਦੇ ਵਸਨੀਕ ਲੰਘੇ ਦਿਨਾਂ ਤੋਂ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਇਸ ਸਮੱਸਿਆ ਸਬੰਧੀ ਵਾਰ ਵਾਰ ਕੌਂਸਲ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਹੈ। ਇਸ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਵੱਲੋਂ ਅੱਜ ਕੌਂਸਲ ਖ਼ਿਲਾਫ਼ ਖਾਲੀ ਭਾਂਡੇ ਲੈ ਕੇ ਰੋਸ ਪ੍ਰਗਟਾਇਆ ਗਿਆ। ਵਾਰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਾਣੀ ਦੀ ਸਪਲਾਈ ਪੂਰੀ ਨਹੀਂ ਆਉਂਦੀ, ਜਿਸ ਕਾਰਨ ਲੋਕਾਂ ਦੀ ਮੰਗ ਪੂਰੀ ਨਹੀਂ ਹੁੰਦੀ। ਉਨ੍ਹਾਂ ਨੇ ਦੱਸਿਆ ਕਿ ਇਸ ਖੇਤਰ ਵਿੱਚ ਪਾਣੀ ਦਾ ਪੂਰਾ ਪ੍ਰੈਸ਼ਰ ਨਾ ਆਉਣ ਕਾਰਨ ਉਨ੍ਹਾਂ ਨੂੰ ਆਪਣੇ ਵਿੱਤੀ ਖਰਚ ਕਰ ਨਿੱਜੀ ਟੈਂਕਰ ਮੰਗਵਾ ਕੇ ਡੰਗ ਟਪਾਉਣਾ ਪੈ ਰਿਹਾ ਹੈ। ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਟੈਂਕਰ ਵਾਲੇ ਪਾਣੀ ਤੋਂ ਬਿਮਾਰੀ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।
ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਤੇ ਅਧਿਕਾਰੀਆਂ ਨੂੰ ਹਦਾਇਤ ਕਰਕੇ ਛੇਤੀ ਇਸ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।