ਸੁਖਨਾ ਝੀਲ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਿਆ
ਆਤਿਸ਼ ਗੁਪਤਾ
ਚੰਡੀਗੜ੍ਹ, 10 ਜੁਲਾਈ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਅੱਜ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਸਿਰਫ਼ 8 ਇੰਚ ਹੇਠਾਂ 1162.4 ਫੁੱਟ ’ਤੇ ਪਹੁੰਚ ਗਿਆ ਹੈ। ਜਦੋਂ ਕਿ ਸੁਖਨਾ ਝੀਲ ਵਿੱਚ ਖਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ। ਉੱਧਰ ਯੂਟੀ ਪ੍ਰਸ਼ਾਸਨ ਵੱਲੋਂ 24 ਘੰਟੇ ਸੁਖਨਾ ਝੀਲ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਹੋਰ ਪਾਣੀ ਵਧਣ ’ਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਜਾਣਗੇ।
ਚੰਡੀਗੜ੍ਹ ਟ੍ਰਾਈਸਿਟੀ ਵਿੱਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ ਪਰ ਟ੍ਰਾਈਸਿਟੀ ਨੂੰ ਜਲ-ਥਲ ਕਰਕੇ ਰੱਖ ਦਿੱਤਾ ਹੈ। ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿੱਚ ਸੜਕਾਂ ’ਤੇ ਮੀਂਹ ਦਾ ਪਾਣੀ ਖੜ੍ਹਾ ਹੋ ਗਿਆ, ਜਿਸ ਕਰਕੇ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਵਾਹਨ ਮੀਂਹ ਦੇ ਪਾਣੀ ਵਿੱਚ ਬੰਦ ਹੋ ਗਏ ਹਨ। ਉੱਥੇ ਕਈ ਹੇਠਲੇ ਇਲਾਕਿਆਂ ਵਿੱਚ ਵੀ ਪਾਣੀ ਭਰ ਗਿਆ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 18.5 ਐੱਮਐੱਮ ਮੀਂਹ ਪਿਆ ਹੈ। ਉੱਥੇ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 3.5 ਡਿਗਰੀ ਸੈਲਸੀਅਸ ਘੱਟ ਸੀ। ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 24.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਤਰ੍ਹਾਂ ਮੁਹਾਲੀ ਵਿੱਚ 27.5 ਐੱਮਐੱਮ ਮੀਂਹ ਪਿਆ ਹੈ। ਵੱਧ ਤੋਂ ਵੱਧ ਤਾਪਮਾਨ 30.1 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਗਿਆਨੀਆਂ ਨੇ 11 ਜੁਲਾਈ ਨੂੰ ਵੀ ਸ਼ਹਿਰ ਵਿੱਚ ਰੁੱਕ-ਰੁੱਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।