ਆਤਿਸ਼ ਗੁਪਤਾ
ਚੰਡੀਗੜ੍ਹ, 16 ਜੂਨ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੌਨਸੂਨ ਦੇ ਅਨੁਮਾਨ ਨਾਲੋਂ 15 ਦਿਨ ਪਹਿਲਾਂ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧਣ ਲੱਗਾ ਹੈ। ਉਧਰ, ਸੁਖਨਾ ਚੋਅ ਦੇ ਸਫ਼ਾਈ ਕਾਰਜ ਅਧੂਰੇ ਹੋਣ ਕਰਕੇ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਗਏ ਹਨ। ਜਿਨ੍ਹਾਂ ਨੇ ਤੁਰੰਤ ਸੁਖਨਾ ਝੀਲ ਤੇ ਸੁਖਨਾ ਚੋਅ ਵਿੱਚ ਸਫ਼ਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧਣ ਸਬੰਧੀ ਪੰਜਾਬ ਸਰਕਾਰ ਨੂੰ ਵੀ ਪੱਤਰ ਲਿਖ ਕੇ ਸੂਚਿਤ ਕਰ ਦਿੱਤੀ ਹੈ ਤਾਂ ਜੋ ਪੰਜਾਬ ਦੇ ਖੱਤਰ ਵਿੱਚੋਂ ਪਾਣੀ ਦੇ ਲਾਂਘੇ ਲਈ ਪੁਖਤਾ ਪ੍ਰਬੰਧ ਕੀਤੇ ਜਾ ਸਕਣ।
ਚੰਡੀਗੜ੍ਹ ਵਿੱਚ ਮਈ ਮਹੀਨੇ ਦੇ ਅਖੀਰ ਵਿੱਚ ਪਈ ਅੱਤਿ ਦੀ ਗਰਮੀ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਸੀ ਪਰ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਮੌਨਸੂਨ ਦੇ ਪਹੁੰਚਣ ਨਾਲ ਮੁੜ ਪਾਣੀ ਵਧਣਾ ਸ਼ੁਰੂ ਹੋ ਗਿਆ ਹੈ। ਮੰਗਵਾਰ ਨੂੰ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1157 ਫੁੱਟ ਦਰਜ ਕੀਤਾ ਗਿਆ ਹੈ। ਜਦੋਂਕਿ 1163 ’ਤੇ ਖਤਰੇ ਦਾ ਨਿਸ਼ਾਨ ਹੈ। ਪਾਣੀ ਦੇ 1163 ਫੁੱਟ ’ਤੇ ਪਹੁੰਚਣ ’ਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਜਾਂਦੇ ਹਨ।
ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚੋਂ ਲੰਘਦੀ ਸੁਖਨਾ ਚੋਣ ਦੇ ਸਫ਼ਾਈ ਕਾਰਜ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਚੋਅ ਵਿੱਚ ਉੱਗੀ 4-4 ਫੁੱਟ ਉੱਚੀ ਬੁੱਟੀ ਸਾਫ਼ ਦੱਸਦੀ ਹੈ ਕਿ ਸੁਖਨਾ ਚੋਅ ਦੀ ਕਿੰਨੀ ਕੁ ਸਫ਼ਾਈ ਕੀਤੀ ਗਈ ਹੈ। ਸਾਲ 2018 ਤੇ 2020 ਵਿੱਚ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਫਲੱਡ ਗੇਟ ਖੋਲ੍ਹਣੇ ਪਏ ਸਨ। ਦੂਜੇ ਪਾਸੇ ਸੁਖਨਾ ਚੋਅ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਬਾਹਰ ਨਿਕਲ ਗਿਆ। ਜਿਸ ਕਾਰਨ ਸੁਖਨਾ ਚੋਅ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਥਿਤ ਘਰਾਂ ’ਚ ਪਾਣੀ ਦਾਖਲ ਹੋ ਗਿਆ ਸੀ। ਇਸ ਨਾਲ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ। ਇਸੇ ਤਰ੍ਹਾਂ ਦੇ ਹਾਲਾਤ ਬਲਟਾਣਾ, ਜ਼ੀਰਕਪੁਰ ਵਿੱਚੋਂ ਲੰਘਦੀ ਨਹਿਰਾਂ ਵਿੱਚ ਦੇਖਣ ਨੂੰ ਮਿਲ ਰਹੇ ਹਨ।
ਯੂਟੀ ਪ੍ਰਸ਼ਾਸਨ ਦੇ ਚੀਫ਼ ਇੰਜਨੀਅਰ ਸੀਬੀ ਓਝਾ ਦਾ ਕਹਿਣਾ ਹੈ ਕਿ ਮੌਨਸੂਨ ਤੋਂ ਪਹਿਲਾਂ ਕੀਤੀ ਜਾਣ ਵਾਲੀਆਂ ਤਿਆਰੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਸਨ। ਉਨ੍ਹਾਂ ਦੱਸਿਆ ਕਿ ਸੁਖਨਾ ਝੀਲ ਦੀ ਨਿਗਰਾਨੀ ਲਈ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਜੋ 24 ਘੰਟੇ ਪਾਣੀ ਦੇ ਪੱਧਰ ’ਤੇ ਨਜ਼ਰ ਰੱਖਣਗੇ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਹਾਲਾਤ ਕਾਬੂ ਵਿੱਚ ਹਨ। ਜੇ ਪਹਾੜਾਂ ਵਿੱਚ ਮੀਂਹ ਜ਼ਿਆਦਾ ਪੈਣ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਮੁੜ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ। ਦੱਸਣਯੋਗ ਹੈ ਕਿ ਸਾਲ 2018 ਵਿੱਚ 24 ਸਤੰਬਰ ਨੂੰ ਪਾਣੀ ਵੱਧਣ ਕਰਕੇ ਫਲੱਡ ਗੇਟ ਖੋਲ੍ਹੇ ਗਏ ਸਨ। ਜਦੋਂਕਿ ਸਾਲ 2020 ਵਿੱਚ 23 ਅਗਸਤ ਨੂੰ ਸਵੇਰੇ 4 ਵਜੇ ਦੇ ਕਰੀਬ ਹੀ ਪਾਣੀ ਦਾ ਪੱਧਰ ਵੱਧਣ ਕਰਕੇ ਫਲੱਡ ਗੇਟ ਖੋਲ੍ਹਣੇ ਪੈ ਗਏ ਸਨ।