ਵਿਕਾਸ ਨਗਰ ’ਚ ਪਾਣੀ ਦੀ ਸਪਲਾਈ ਬਹਾਲ
ਪਾਣੀ ਦੀ ਕਿੱਲਤ ਤੋਂ ਤੰਗ ਆ ਕੇ ਬਲਟਾਣਾ ਦੇ ਵਿਕਾਸ ਨਗਰ ਵਾਸੀਆਂ ਵੱਲੋਂ ਪੰਚਕੂਲਾ ਕਾਲਕਾ ਹਾਈਵੇ ਦੇ ਨਾਲ ਸਰਵਿਸ ਰੋਡ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਸਬੰਧੀ ‘ਪੰਜਾਬੀ ਟ੍ਰਿਬਿਊਨ’ ਵਿੱਚ ਖ਼ਬਰ ਪ੍ਰਕਾਸ਼ਿਤ ਹੋਣ ਮਗਰੋਂ ਅੱਜ ਵਿਭਾਗ ਨੇ ਹਰਕਤ ਵਿੱਚ ਆਉਂਦੇ ਸਮੱਸਿਆ ਦਾ ਹੱਲ ਕਰਵਾ ਦਿੱਤਾ।
ਜਾਣਕਾਰੀ ਅਨੁਸਾਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਨਗਰ ਕੌਂਸਲ ਜ਼ੀਰਕਪੁਰ ਦੇ ਅਧੀਨ ਪੈਂਦੇ ਇਲਾਕੇ ਵਿਕਾਸ ਨਗਰ ਬਲਟਾਣਾ ਵਿੱਚ ਲਗਪਗ 21.75 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨਾਂ ਪਾਉਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਕੰਮ ਕਰਦੇ ਸਮੇਂ ਅਚਾਨਕ ਵਾਟਰ ਸਪਲਾਈ ਦੀਆਂ ਲਾਈਨਾਂ ਟੁੱਟ ਗਈਆਂ, ਜਿਸ ਕਾਰਨ ਇਲਾਕੇ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਗਈ ਸੀ। ਇਸ ਨੂੰ ਲੈ ਕੇ ਲੰਘੇ ਕੱਲ ਲੋਕਾਂ ਨੇ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਬੰਧਤ ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਰੰਮਤ ਦਾ ਕੰਮ ਪੂਰਾ ਕਰਕੇ ਮੇਨ ਲਾਈਨ ਚਾਲੂ ਕਰ ਦਿੱਤੀ ਗਈ, ਜਿਸ ਨਾਲ ਹੁਣ ਪੂਰੇ ਇਲਾਕੇ ਵਿੱਚ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਠੇਕੇਦਾਰ ਨੂੰ ਗਲੇ ਕੰਮ ਦੌਰਾਨ ਸਾਵਧਾਨੀ ਵਰਤਣ ਦੀ ਹਦਾਇਤ ਕੀਤੀ ਗਈ ਹੈ।
