ਔਖੀ ਘੜੀ ’ਚ ਹਲਕੇ ਦੇ ਲੋਕਾਂ ਨਾਲ ਖੜ੍ਹੇ ਹਾਂ: ਸੈਣੀ
ਹਲਕੇ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਿਸੇ ਵੀ ਹਾਲਤ ’ਚ ਇਕੱਲਾ ਨਹੀਂ ਛੱਡਿਆ ਜਾਵੇਗਾ। ਉਹ ਪਿੰਡ ਭਾਂਖਰਪੁਰ, ਟਿਵਾਣਾ, ਹੰਸਾਲਾ, ਆਲਮਗੀਰ, ਸਾਧਾਪੁਰ ਅਤੇ ਖ਼ਜ਼ੂਰ ਮੰਡੀ ਵਿਖੇ ਪਹੁੰਚੇ ਅਤੇ ਘੱਗਰ ਦਰਿਆ ਦੇ ਬੰਨ੍ਹਾਂ ਦਾ ਜਾਇਜ਼ਾ ਲਿਆ। ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ ਸੁਣੇ ਅਤੇ ਰਾਹਤ ਕਾਰਜਾਂ ਦੀ ਸਥਿਤੀ ਦਾ ਅੰਦਾਜ਼ਾ ਲਾਇਆ। ਸ੍ਰੀ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰ ਸੂਬੇ ਲਈ ਡਿਜ਼ਾਸਟਰ ਰਿਸਪਾਂਸ ਫੰਡ ਰੱਖਿਆ ਜਾਂਦਾ ਹੈ ਅਤੇ ਪੰਜਾਬ ਦੇ ਖਾਤੇ ’ਚ ਵੀ ਕਰੋੜਾਂ ਰੁਪਏ ਮੌਜੂਦ ਹਨ ਪਰ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਨੁਕਸਾਨ ਦੀ ਅਧਿਕਾਰਤ ਰਿਪੋਰਟ ਨਾ ਭੇਜਣ ਕਾਰਨ ਰਾਹਤ ਫੰਡ ਜਾਰੀ ਨਹੀਂ ਹੋ ਸਕਿਆ। ਉਨ੍ਹਾਂ ਨੇ ਮੰਗ ਕੀਤੀ ਕਿ ਤੁਰੰਤ ਸਪੈਸ਼ਲ ਗਿਰਦਾਵਰੀ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਉੱਤੇ ਹੜ੍ਹ ਪ੍ਰਬੰਧਨਾਂ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਨਾ ਤਾਂ ਬੰਨ੍ਹ ਪੱਕੇ ਕੀਤੇ ਗਏ ਅਤੇ ਨਾ ਹੀ ਨਹਿਰਾਂ ਦੇ ਕਿਨਾਰੇ ਮਜ਼ਬੂਤ ਕੀਤੇ ਗਏ, ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ। ਉਨ੍ਹਾਂ ਮੰਗ ਕੀਤੀ ਕਿ ਪਾਣੀ ਘਟਣ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਵਿੱਚ ਆਈ ਰੇਤ ਨੂੰ ਚੁੱਕਣ ਵਿਚ ਮਦਦ ਕੀਤੀ ਜਾਵੇ ਅਤੇ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਮੁਆਵਜ਼ਾ ਜਾਰੀ ਕੀਤਾ ਜਾਵੇ।
ਉਨ੍ਹਾਂ ਅਪੀਲ ਕੀਤੀ ਕਿ ਰਾਜਨੀਤਕ ਵਿਰੋਧਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਦਵਾਈਆਂ, ਖਾਣਾ, ਕੱਪੜੇ ਅਤੇ ਸਾਫ਼ ਪੀਣ ਵਾਲਾ ਪਾਣੀ ਪ੍ਰਦਾਨ ਕਰਨ ਲਈ ਸਰਕਾਰ ਅਤੇ ਅਧਿਕਾਰੀਆਂ ਨੂੰ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਗੁਲਜ਼ਾਰ ਸਿੰਘ ਟਿਵਾਣਾ, ਮੇਜਰ ਸਿੰਘ, ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸਨੰਤ ਭਾਰਦਵਾਜ ਸਮੇਤ ਅਨੇਕਾਂ ਆਗੂ ਮੌਜੂਦ ਸਨ।