ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 26 ਅਕਤੂਬਰ
ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਵਕਰਮਾ ਮੰਦਰ ਕਮੇਟੀ ਸੋਹਾਣਾ ਦੇ ਪ੍ਰਧਾਨ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਭੰਡਾਰਾ ਅਤੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਪੂਜਾ ਵਿੱਚ ਹਿੱਸਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਨੌਜਵਾਨ ਵਰਗ ਵਿੱਚ ਹੁਨਰ ਪੈਦਾ ਕਰਨ ਦੀ ਲੋੜ ਹੈ ਅਤੇ ਇਹ ਦੁਨੀਆ ਭਰ ਵਿੱਚ ਇੱਕ ਮੁੱਦਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਹੁਨਰ ਪੈਦਾ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਸੋਚ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ ਬਣਾਵਾਂਗੇ। ਇਸ ਸਬੰਧੀ ਵਿੱਦਿਅਕ ਸੰਸਥਾਵਾਂ ਵਿੱਚ ਉਨ੍ਹਾਂ ਦੀ ਕਲਾ ਦੇ ਮੁਤਾਬਕ ਲੋੜੀਂਦਾ ਮਾਹੌਲ ਤਿਆਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਪਣਾ ਕੰਮ ਧੰਦਾ ਸ਼ੁਰੂ ਕਰ ਸਕਣ।ਇਸ ਮੌਕੇ ਸੁਰਿੰਦਰ ਸਿੰਘ ਰੋਡਾ, ਹਰਸੰਗਤ ਸਿੰਘ, ਸੁੰਦਰ ਲਾਲ ਅਗਰਵਾਲ, ਮਨਜੀਤ ਸਿੰਘ ਸੋਹਾਣਾ ਤੇ ਗੁਰਦੀਪ ਸਿੰਘ ਸੋਹਾਣਾ ਹਾਜ਼ਰ ਸਨ।