ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 18 ਦਸੰਬਰ
‘ਆਪ’ ਦੇ ਕੌਮੀ ਆਗੂ ਅਤੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਅੱਜ ਬਲੌਂਗੀ ਨੇੜੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਪਾਰੀ ਵਰਗ ਬੁਰੀ ਤਰ੍ਹਾਂ ਪ੍ਰੇਸ਼ਾਨ ਹੈ। ਜਿਸ ਕਾਰਨ ਸੂਬੇ ਵਿੱਚ ਉਦਯੋਗਿਕ ਘਰਾਣੇ ਸਨਅਤਾਂ ਲਗਾਉਣ ਨੂੰ ਤਿਆਰ ਨਹੀਂ ਹਨ। ਇੱਥੇ ਬੁਨਿਆਦੀ ਢਾਂਚੇ ਦੀ ਬਹੁਤ ਵੱਡੀ ਸਮੱਸਿਆ ਹੈ ਅਤੇ ਕੋਈ ਵੀ ਕੰਮ ਰਿਸ਼ਵਤ ਤੋਂ ਬਿਨਾਂ ਨਹੀਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ ਅਤੇ ਵਪਾਰੀਆਂ ਲਈ ਸੁਰੱਖਿਅਤ ਮਾਹੌਲ ਪੈਦਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਆਉਣ ’ਤੇ 24 ਘੰਟਿਆਂ ਵਿੱਚ ਰਿਸ਼ਵਤਖ਼ੋਰੀ ਨੂੰ ਨੱਥ ਪਾਈ ਜਾਵੇਗੀ ।