ਦਰਸ਼ਨ ਸਿੰਘ ਸੋਢੀ
ਮੁਹਾਲੀ, 8 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ-ਸੁਥਰੀਆਂ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਏਗੀ। ਇਹ ਵਿਚਾਰ ਅੱਜ ਇੱਥੇ ਪੁੱਡਾ ਭਵਨ ਮੁਹਾਲੀ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ (ਪੁੱਡਾ) ਮੰਤਰੀ ਅਮਨ ਅਰੋੜਾ ਨੇ ਪੁੱਡਾ/ਗਮਾਡਾ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਦੌਰਾਨ ਸਾਂਝੇ ਕੀਤੇ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਉਲੀਕੇ ਜਾਣ ਵਾਲੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਰੋੜਾ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਭਵਿੱਖ-ਮੁਖੀ ਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ ਹੈ। ਪੁੱਡਾ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਾਫ-ਸੁਥਰਾ, ਪਾਰਦਰਸ਼ੀ ਤੇ ਜਵਾਬਦੇਹੀ ਵਾਲਾ ਚੰਗਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹਿਰੀ ਲੋਕਾਂ ਦੀ ਖੱਜਲ ਖੁਆਰੀ ਪੂਰਨ ਤੌਰ |ਤੇ ਬੰਦ ਕੀਤੀ ਜਾਵੇਗੀ ਅਤੇ ਭ੍ਰਿਸ਼ਟਾਚਾਰ ਤੇ ਗਲਤ ਕੰਮ ਕਰਨ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਦੀ ਸਮਰੱਥਾ ਅਤੇ ਕਮਜ਼ੋਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਦੀ ਕਾਰਜ ਯੋਜਨਾ ਤਿਆਰ ਕਰਨ ਲਈ ਆਖਿਆ ਹੈ। ਇਸ ਤੋਂ ਪਹਿਲਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ.ਸਿਨਹਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।