Hardyal Singh Kamboj Says Rajpura Residents Await 2027: ਕਾਂਗਰਸ ਸਰਕਾਰ ਬਣਦਿਆਂ ਹੀ ਵਿਕਾਸ ਕਾਰਜ ਸ਼ੁਰੂ ਕਰਾਂਗੇ: ਕੰਬੋਜ
ਪਿੰਡ ਕਰਾਲਾ, ਨੱਗਲ, ਬੂਟਾ ਸਿੰਘ ਵਾਲਾ ਅਤੇ ਧਰਮਗੜ੍ਹ ਵਿੱਚ ਜ਼ੋਨ ਪੱਧਰੀ ਇਕੱਠਾਂ ਮੌਕੇ ਸੰਬੋਧਨ ਕੀਤਾ
ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਹਲਕੇ ਦੇ ਵਸਨੀਕ ਸਾਲ 2027 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਤੋਂ ਹਲਕੇ ਦੇ ਵਿਕਾਸ ਕਾਰਜ ਠੱਪ ਪਏ ਹਨ ਅਤੇ ਕਾਂਗਰਸ ਸਰਕਾਰ ਬਣਦਿਆਂ ਹੀ ਸਾਰੇ ਮੁੜ ਆਰੰਭ ਕੀਤੇ ਜਾਣਗੇ। ਉਹ ਪਿੰਡ ਕਰਾਲਾ, ਨੱਗਲ, ਬੂਟਾ ਸਿੰਘ ਵਾਲਾ ਅਤੇ ਧਰਮਗੜ੍ਹ ਵਿੱਚ ਜ਼ੋਨ ਪੱਧਰੀ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਕੰਬੋਜ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਹਲਕੇ ਦੇ ਸਾਰੇ ਪਿੰਡਾਂ ਦੀਆਂ ਸੜਕਾਂ ਨੂੰ ਅਠਾਰਾਂ ਫੁੱਟ ਚੌੜੇ ਕੀਤਾ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਕਿਸੇ ਸੜਕ ਉੱਤੇ ਪੈੱਚ ਵੀ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਹਲਕੇ ਦੇ ਅੱਧੀ ਦਰਜਨ ਤੋਂ ਵੱਧ ਸਕੂਲਾਂ ਨੂੰ ਅਪਗਰੇਡ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਮੌਜੂਦਾ ਸਰਕਾਰ ਨੇ ਉਨ੍ਹਾਂ ’ਤੇ ਰੋਕ ਲਗਵਾ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਨਹੀਂ ਹਨ, ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਰਾਜਪੁਰਾ ਹਲਕੇ ਨੂੰ ਪਹਿਲਾਂ ਵਾਂਗ ਹਰ ਪੱਖ ਤੋਂ ਸੂਬੇ ਦਾ ਇੱਕ ਨੰਬਰ ਦਾ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਪਿੰਡਾਂ ਦੇ ਵਸਨੀਕਾਂ ਨੇ ਸਾਬਕਾ ਵਿਧਾਇਕ ਨੂੰ ਪੂਰਨ ਸਮਰਥਨ ਦਾ ਭਰੋਸਾ ਦਿੱਤਾ।

