ਆਤਿਸ਼ ਗੁਪਤਾ
ਚੰਡੀਗੜ੍ਹ, 4 ਅਪਰੈਲ
ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਦੇ ਮੱਦੇਨਜ਼ਰ ਜਨਤਕ ਥਾਵਾਂ ’ਤੇ ਹੁਣ ਮਾਸਕ ਪਾਉਣਾ ਲਾਜ਼ਮੀ ਨਹੀਂ ਹੈ। ਇਹ ਆਦੇਸ਼ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਜਾਰੀ ਕੀਤੇ ਹਨ। ਉਨ੍ਹਾਂ ਨੇ ਦੇਰ ਰਾਤ ਮਾਸਕ ਦੀ ਲਾਜ਼ਮੀ ਵਰਤੋਂ ਸਬੰਧੀ ਜਾਰੀ ਆਦੇਸ਼ਾਂ ਨੂੰ ਵਾਪਸ ਲੈ ਲਿਆ ਹੈ। ਇਸ ਬਾਰੇ ਯੂਟੀ ਪ੍ਰਸ਼ਾਸਨ ਨੇ ਸਿਹਤ ਵਿਭਾਗ ਅਤੇ ਚੰਡੀਗੜ੍ਹ ਪੁਲੀਸ ਨੂੰ ਵੀ ਆਦੇਸ਼ ਜਾਰੀ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਕਰੋਨਾਵਾਇਰਸ ਦੇ ਪਸਾਰ ਦੇ ਚਲਦਿਆਂ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਮਾਸਕ ਦੀ ਵਰਤੋਂ ਲਾਜ਼ਮੀ ਕਰ ਦਿੱਤੀ ਸੀ ਜਦੋਂ ਕਿ ਮਾਸਕ ਦੀ ਵਰਤੋਂ ਨਾ ਕਰਨ ਵਾਲਿਆਂ ਖ਼ਿਲਾਫ਼ ਚੰਡੀਗੜ੍ਹ ਪੁਲੀਸ ਵੱਲੋਂ ਜੁਰਮਾਨਾ ਲਗਾ ਕੇ ਬਣਦੀ ਕਾਰਵਾਈ ਕੀਤੀ ਜਾਂਦੀ ਸੀ। ਯੂਟੀ ਪ੍ਰਸ਼ਾਸਨ ਨੇ ਕਰੋਨਾ ਕੇਸਾਂ ਦੀ ਗਿਣਤੀ ਘਟਣ ਦੇ ਨਾਲ ਹੀ ਸ਼ਹਿਰ ਵਿੱਚੋਂ ਮਾਸਕ ਦੀ ਲਾਜ਼ਮੀ ਵਰਤੋਂ ਦੇ ਆਦੇਸ਼ ਵਾਪਸ ਲੈ ਲਏ ਹਨ।