ਸਿਟੀ ਬਿਊਟੀਫੁਲ ’ਚ ਮੌਸਮ ਨੇ ਬਦਲਿਆ ਮਿਜ਼ਾਜ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਫਰਵਰੀ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਸ਼ਹਿਰ ਵਿੱਚ ਅੱਜ ਸਵੇਰੇ ਧੁੱਪ ਨਿਕਲੀ, ਜਿਸ ਤੋਂ ਬਾਅਦ ਸਾਰਾ ਦਿਨ ਬੱਦਲਵਾਈ ਹੁੰਦੀ ਰਹੀ। ਬੱਦਲਵਾਈ ਕਰ ਕੇ ਧੁੱਪ ਵੀ ਮੱਧਮ ਜਿਹੀ ਰਹੀ ਹੈ। ਬੱਦਲਵਾਈ ਦੇ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ। ਦੂਜੇ ਪਾਸੇ, ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 19, 20 ਤੇ 21 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੀਂਹ ਤੇ ਤੇਜ਼ ਹਵਾਵਾਂ ਕਰ ਕੇ ਤਾਪਮਾਨ ਵਿੱਚ ਵੀ 3 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਨਿਕਲ ਰਹੀ ਤਿੱਖੀ ਧੁੱਪ ਕਰ ਕੇ ਸ਼ਹਿਰ ਦਾ ਤਾਪਮਾਨ ਆਮ ਨਾਲੋਂ ਵਧ ਰਹਿ ਰਿਹਾ ਸੀ, ਪਰ ਅੱਜ ਬਦਲਵਾਈ ਕਰ ਕੇ ਇਕਦਮ ਤਾਪਮਾਨ ਪਿਛਲੇ ਦਿਨਾਂ ਨਾਲੋਂ ਘੱਟ ਦਰਜ ਕੀਤਾ ਗਿਆ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਇਸ ਸਾਲ ਫਰਵਰੀ ਮਹੀਨੇ ਵਿੱਚ ਪਿਛਲੇ 5 ਸਾਲਾਂ ਨਾਲੋਂ ਸਭ ਤੋਂ ਵੱਧ ਮੀਂਹ ਪਿਆ ਹੈ। ਫਰਵਰੀ 2024 ਦੇ ਪਹਿਲੇ ਚਾਰ ਦਿਨਾਂ ਵਿੱਚ 33.7 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਪਹਿਲਾਂ ਸਾਲ 2019 ਵਿੱਚ ਫਰਵਰੀ ਮਹੀਨੇ ਵਿੱਚ 47.5 ਐੱਮਐੱਮ ਮੀਂਹ ਪਿਆ ਸੀ। ਹਾਲਾਂਕਿ ਚੰਡੀਗੜ੍ਹ ਵਿੱਚ 1 ਜਨਵਰੀ 2024 ਤੋਂ ਹੁਣ ਤੱਕ 34.7 ਐੱਮਐੱਮ ਮੀਂਹ ਪੈ ਚੁੱਕਾ ਹੈ, ਜੋ ਕਿ ਆਮ ਦਿਨਾਂ ਦੇ ਮੁਕਾਬਲੇ 30 ਫ਼ੀਸਦ ਘੱਟ ਹੈ।