Weather: ਸਿਟੀ ਬਿਊਟੀਫੁੱਲ ’ਚ ਮੀਂਹ ਨੇ ਮੌਸਮ ਖੁਸ਼ਗਵਾਰ ਕੀਤਾ
ਮੀਂਹ ਤੋਂ ਬਾਅਦ ਦਿਨ ਤੇ ਰਾਤ ਦੇ ਤਾਪਮਾਨ ਵਿੱਚ 8 ਡਿਗਰੀ ਸੈਲਸੀਅਸ ਦਾ ਫਰਕ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਅੱਜ ਦੁਪਹਿਰ ਸਮੇਂ ਪਏ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ। ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾ ਦਿੱਤਾ ਹੈ, ਜਿਸ ਕਰਕੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਵਿੱਚ 2 ਐੱਮ ਐੱਮ ਮੀਂਹ ਪਿਆ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ 8 ਡਿਗਰੀ ਸੈਲਸੀਅਸ ਤੱਕ ਦਾ ਫਰਕ ਦਰਜ ਕੀਤਾ ਗਿਆ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸ਼ਹਿਰ ਵਿੱਚ ਮੌਸਮ ਖੁਸ਼ਗਵਾਰ ਹੋਣ ਦੇ ਨਾਲ ਹੀ ਸੁਖਨਾ ਝੀਲ, ਰੌਕ ਗਾਰਡਨ ਤੇ ਹੋਰਨ ਘੁੰਮਣ ਵਾਲੀਆਂ ਥਾਵਾਂ ’ਤੇ ਸੈਲਾਨੀਆਂ ਦੀ ਆਮਦ ਵੱਧ ਗਈ। ਉਨ੍ਹਾਂ ਵੱਲੋਂ ਖੁਸ਼ਗਵਾਰ ਮੌਸਮ ਦਾ ਆਨੰਦ ਮਾਣਿਆ ਜਾ ਰਿਹਾ ਹੈ। ਹਾਲਾਂਕਿ ਮੌਸਮ ਵਿਗਿਆਨੀਆਂ ਵੱਲੋਂ ਸ਼ਹਿਰ ਵਿੱਚ 8 ਜੁਲਾਈ ਤੱਕ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 8 ਜੁਲਾਈ ਤੱਕ ਸ਼ਹਿਰ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਗਿਆਨੀਆਂ ਨੇ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।
